ਬੇਮੌਸਮੇ ਮੀਂਹ ਤੇ ਝੱਖੜ ਨੇ ਕਿਸਾਨਾਂ ਦੇ ਸਾਹ ਸੂਤੇ

12

October

2018

ਐਸਏਐਸ ਨਗਰ (ਮੁਹਾਲੀ), ਅੱਜ ਤੜਕੇ ਹੋਈ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ ਹੈ। ਜ਼ਿਲ੍ਹਾ ਮੁਹਾਲੀ ਦੇ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਪੱਕੀ ਹੋਈ ਫਸਲ ਅਤੇ ਅਨਾਜ ਮੰਡੀਆਂ ਵਿੱਚ ਪਿਆ ਝੋਨਾ ਖਰਾਬ ਹੋ ਗਿਆ ਹੈ। ਇਸੇ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਤੋਂ ਖਰੀਦੇ ਝੋਨੇ ਦੀਆਂ ਬੋਰੀਆਂ ਮੀਂਹ ਦੇ ਪਾਣੀ ਨਾਲ ਗਿੱਲੀਆਂ ਹੋ ਗਈਆਂ ਹਨ। ਅੱਜ ਇੱਥੋਂ ਨੇੜਲੇ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਸਮੇਤ ਹੋਰਨਾਂ ਮੰਡੀਆਂ ਵਿੱਚ ਧੁੱਪ ਨਿਕਲਣ ’ਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਜ਼ਮੀਨ ’ਤੇ ਸੁਕਾਉਂਦੇ ਹੋਏ ਦੇਖਿਆ ਗਿਆ ਜਦੋਂਕਿ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੀਂਹ ਦੇ ਪਾਣੀ ਨਾਲ ਗਿੱਲੀਆਂ ਹੋਈਆਂ ਝੋਨੇ ਦੀਆਂ ਬੋਰੀਆਂ ਨੂੰ ਸੁਕਾਉਣ ਵਿੱਚ ਜੁਟੇ ਹੋਏ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਗਿਆਨ ਸਿੰਘ ਧੜਾਕ, ਦਵਿੰਦਰ ਸਿੰਘ ਦੇਹਕਲਾਂ ਅਤੇ ਜੋਰਾ ਸਿੰਘ ਭੁੱਲਰ ਚੱਪੜਚਿੜੀ ਨੇ ਦੱਸਿਆ ਕਿ ਮੌਜੂਦਾ ਸਮੇਂ ਕਿਸਾਨਾਂ ਨੂੰ ਦੋਹਰੀ ਮਾਰ ਪੈ ਰਹੀ ਹੈ। ਇੱਕ ਤਾਂ ਮੌਸਮ ਦੀ ਬੇਰੁਖੀ ਤੇ ਦੂਜਾ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੇਣ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਮੁੱਦੇ ’ਤੇ ਸਰਕਾਰ ਨੂੰ ਕਿਸਾਨਾਂ ਨਾਲ ਸਖ਼ਤੀ ਨਹੀਂ ਵਰਤੀ ਚਾਹੀਦੀ ਹੈ। ਇਨ੍ਹਾਂ ਆਗੂਆਂ ਨੇ ਵੱਖ ਵੱਖ ਪਿੰਡਾਂ ਅਤੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਕਈ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਬੇਮੌਸਮੀ ਬਾਰਸ਼ ਕਾਰਨ ਝੋਨੇ ਦੀ ਫਸਲ ਕੱਟਣ ਲਈ ਹੁਣ ਕਿਸਾਨਾਂ ਨੂੰ ਹਫ਼ਤਾ ਹੋਰ ਇੰਤਜ਼ਾਰ ਕਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਐਤਕੀਂ ਪ੍ਰਤੀ ਏਕੜ 5 ਤੋਂ 7 ਕੁਇੰਟਲ ਝੋਨੇ ਦਾ ਝਾੜ ਵੀ ਘੱਟ ਨਿਕਲਣ ਦਾ ਖਦਸ਼ਾ ਹੈ। ਉਂਜ ਵੀ ਸਰਕਾਰ ਵੱਲੋਂ ਪ੍ਰਵਾਨਿਤ ਐਸਐਮਐਸ ਕੰਬਾਈਨਾਂ ਖੇਤਾਂ ਵਿੱਚ ਜ਼ਮੀਨ ’ਤੇ ਡਿੱਗੇ ਹੋਏ ਝੋਨੇ ਨੂੰ ਕੱਟਣ ਤੋਂ ਅਮਸਰਥ ਹੈ। ਲਿਹਾਜ਼ਾ ਕਿਸਾਨਾਂ ਨੂੰ ਖੁੱਲ੍ਹੀ ਮਸ਼ੀਨ ਵਰਤਣ ਦੀ ਆਗਿਆ ਦਿੱਤੀ ਜਾਵੇ।