ਅਕਾਲ ਤਖ਼ਤ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੇਵਾ ਸੰਭਾਲੀ

31

October

2018

ਅੰਮ੍ਰਿਤਸਰ, ਸ੍ਰੀ ਅਕਾਲ ਤਖ਼ਤ ਦੇ ਨਵੇਂ ਥਾਪੇ ਗਏ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਵਿੱਖ ਵਿਚ ਸ੍ਰੀ ਅਕਾਲ ਤਖ਼ਤ ਤੋਂ ਲਏ ਜਾਣ ਵਾਲੇ ਫੈਸਲੇ ਪੰਥਕ ਭਾਵਨਾਵਾਂ ਮੁਤਾਬਕ ਲਏ ਜਾਣਗੇ। ਅੱਜ ਦੇ ਸੇਵਾ ਸੰਭਾਲ ਸਮਾਗਮ ਵਿਚ ਬਰਗਾੜੀ ਮੋਰਚੇ, ਪੰਥਕ ਅਸੈਂਬਲੀ ਅਤੇ ਗਰਮਖਿਆਲੀਆਂ ਨਾਲ ਜੁੜੀਆਂ ਧਿਰਾਂ ਨੇ ਸ਼ਮੂਲੀਅਤ ਨਹੀਂ ਕੀਤੀ, ਜਿਸ ਨਾਲ ਸਰਵ ਪ੍ਰਵਾਨਿਤ ਜਥੇਦਾਰ ਹੋਣ ’ਤੇ ਸ਼ੁਰੂ ‘ਚ ਹੀ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਗਈ ਹੈ। ਉਹ ਇਸ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਵੀ ਸੇਵਾਵਾਂ ਨਿਭਾਉਣਗੇ। ਅੱਜ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਗਿਆਨੀ ਹਰਪ੍ਰੀਤ ਸਿੰਘ ਦਾ ਸੇਵਾ ਸੰਭਾਲ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੀ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਮੂਹ ਧਿਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਹੈ। ਸ੍ਰੀ ਅਕਾਲ ਤਖ਼ਤ ਦੇ ਸਨਮੁਖ ਹੋਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਸਤਾਰ ਭੇਟ ਕਰਕੇ ਪ੍ਰਵਾਨਗੀ ਦਿੱਤੀ। ਉਪਰੰਤ ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਹੋਰਨਾਂ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ। ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਨਵ-ਨਿਯੁਕਤ ਜਥੇਦਾਰ ਨੇ ਆਖਿਆ ਕਿ ਉਹ ਕੌਮ ਦੇ ਸੇਵਾਦਾਰ ਅਤੇ ਨਿਮਾਣੇ ਸਿੱਖ ਵਜੋਂ ਗੁਰਮਤਿ ਸਿਧਾਂਤਾਂ ਤੇ ਰਹਿਤ ਮਰਿਆਦਾ ਦੀ ਰੌਸ਼ਨੀ ਵਿਚ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦੇ ਫੈਸਲੇ ਲੈਣਗੇ। ਉਨ੍ਹਾਂ ਆਖਿਆ ਕਿ ਉਹ ਪੰਥਕ ਸ਼ਕਤੀ ਨੂੰ ਇਕਜੁਟ ਕਰਨ ਦਾ ਯਤਨ ਕਰਨਗੇ। ਸ੍ਰੀ ਅਕਾਲ ਤਖ਼ਤ ਦੀ ਸਰਵਉਚਤਾ ਤੇ ਮਰਿਆਦਾ ਨੂੰ ਕਾਇਮ ਕੀਤਾ ਜਾਵੇਗਾ। ਉਨ੍ਹਾਂ ਸਮੁੱਚੀ ਕੌਮ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਆਖਿਆ ਕਿ ਪੰਥਕ ਇਕਜੁਟਤਾ ਕਰਨਾ ਉਨ੍ਹਾਂ ਦਾ ਤਰਜੀਹੀ ਕੰਮ ਹੋਵੇਗਾ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਅਗਲੇ ਵਰ੍ਹੇ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਿੱਖ ਪਰਿਵਾਰ ਰੋਜ਼ਾਨਾ ਪੰਜ ਤੋਂ ਦਸ ਮਿੰਟ ਵਾਸਤੇ ਆਪਣੇ ਮੋਬਾਈਲ ਫੋਨ ਬੰਦ ਕਰਕੇ ਮੂਲ ਮੰਤਰ ਦੇ ਪਾਠ ਕਰਨ। ਉਨ੍ਹਾਂ ਇਹ ਵੀ ਆਖਿਆ ਕਿ ਭਵਿੱਖ ਵਿਚ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿਚ ਪੰਥ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਸ੍ਰੀ ਅਕਾਲ ਤਖ਼ਤ ਦੀ ਸਰਵਉਚਤਾ ਨੂੰ ਕਾਇਮ ਰੱਖਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ। ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਉਨ੍ਹਾਂ ਆਖਿਆ ਕਿ ਇਹ ਮਾਮਲਾ ਵੀ ਸਿੱਖ ਵਿਦਵਾਨਾਂ ਦੀ ਮੀਟਿੰਗ ਵਿਚ ਰੱਖਿਆ ਜਾਵੇਗਾ। ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਸਬੰਧੀ ਫੈਸਲੇ ਅਤੇ ਮੁਤਵਾਜ਼ੀ ਜਥੇਦਾਰਾਂ ਬਾਰੇ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਉਹ ਸਿੱਖ ਮਸਲੇ ਸਾਰਿਆਂ ਦੀ ਮਦਦ ਨਾਲ ਅਤੇ ਸਾਰਿਆਂ ਨੂੰ ਨਾਲ ਲੈ ਕੇ ਹੱਲ ਕਰਨਗੇ। ਕਰਤਾਰਪੁਰ ਲਾਂਘੇ ਬਾਰੇ ਉਨ੍ਹਾਂ ਆਖਿਆ ਕਿ ਜਲਦੀ ਹੀ ਇਸ ਸਬੰਧ ਵਿਚ ਇਕ ਵਫਦ ਪਾਕਿਸਤਾਨ ਜਾਵੇਗਾ। ਇਕ ਧਿਰ ਦੇ ਜਥੇਦਾਰ ਨੂੰ ਮਾਨਤਾ ਨਹੀਂ: ਕੰਵਰਪਾਲ ਸਿੰਘ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਿਚ ਸ਼ਾਮਲ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਪੰਥਕ ਅਸੈਂਬਲੀ ਵਿਚ ਮਤਾ ਪਾਸ ਕੀਤਾ ਗਿਆ ਸੀ ਕਿ ਜਦੋਂ ਤਕ ਵਿਧੀ ਵਿਧਾਨ ਨਹੀਂ ਬਣਦਾ ਅਤੇ ਸਰਵ ਪ੍ਰਵਾਨਿਤ ਜਥੇਦਾਰ ਨਿਯੁਕਤ ਨਹੀਂ ਹੁੰਦਾ, ਉਨ੍ਹਾਂ ਵੱਲੋਂ ਇਕ ਧਿਰ ਰਾਹੀਂ ਨਿਯੁਕਤ ਕੀਤੇ ਜਥੇਦਾਰ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਰਨੈਲ ਸਿੰਘ ਸਖੀਰਾ ਨੇ ਆਖਿਆ ਕਿ ਉਨ੍ਹਾਂ ਦੀ ਜਥੇਬੰਦੀ ਦਾ ਕੋਈ ਵੀ ਨੁਮਾਇੰਦਾ ਅੱਜ ਸੇਵਾ ਸੰਭਾਲ ਸਮਾਗਮ ਵਿਚ ਨਹੀਂ ਪੁੱਜਾ ਹੈ। ਯੂਨਾਈਟਿਡ ਅਕਾਲੀ ਦਲ ਅਤੇ ਸਰਬੱਤ ਖਾਲਸਾ ਦੇ ਪ੍ਰਬੰਧਕ ਭਾਈ ਮੋਹਕਮ ਸਿੰਘ ਨੇ ਆਖਿਆ ਕਿ ਬਰਗਾੜੀ ਮੋਰਚੇ ਨਾਲ ਸਬੰਧਤ ਧਿਰਾਂ ਪਹਿਲਾਂ ਹੀ ਜਥੇਦਾਰਾਂ ਨੂੰ ਰੱਦ ਕਰ ਚੁੱਕੀਆਂ ਹਨ। ਉਨ੍ਹਾਂ ਆਖਿਆ ਕਿ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਵਾਲਾ ਸੰਤ ਸਮਾਜ ਵੀ ਸਮਾਗਮ ਵਿਚ ਸ਼ਾਮਲ ਨਹੀਂ ਹੋਇਆ।