ਪੰਜਾਬ ਸਰਕਾਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਦੂਜੇ ਦਿਨ ਵੀ ਧਰਨਾ

03

November

2018

ਅੰਮ੍ਰਿਤਸਰ, ਸਕੂਲ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤਾ ਗਿਆ ਧਰਨਾ ਅੱਜ ਦੂਜੇ ਦਿਨ ਜਾਰੀ ਰਿਹਾ। ਧਰਨੇ ਵਿਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਜਦੋਂ ਤਕ ਇਸ ਮਾਮਲੇ ਵਿਚ ਸਿੱਖ ਕੌਮ ਨੂੰ ਨਿਆਂ ਨਹੀਂ ਮਿਲਦਾ, ਇਹ ਸੰਘਰਸ਼ ਜਾਰੀ ਰਹੇਗਾ। ਕੱਲ੍ਹ ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਅਰਦਾਸ ਕਰਕੇ ਦੋ ਦਿਨਾਂ ਵਾਸਤੇ ਇਹ ਧਰਨਾ ਸ਼ੁਰੂ ਕੀਤਾ ਗਿਆ ਸੀ। ਪਾਰਟੀ ਆਗੂਆਂ ਨੇ ਰਾਤ ਵੀ ਉਨ੍ਹਾਂ ਇਥੇ ਧਰਨੇ ਵਾਲੀ ਥਾਂ ’ਤੇ ਬਿਤਾਈ। ਸ੍ਰੀ ਬਾਦਲ ਨੇ ਕਿਹਾ ਕਿ ਨਿਆਂ ਮਿਲਣ ਤਕ ਇਹ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਗ਼ਲਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਥ ਤੋਂ ਮਾਫੀ ਮੰਗਣ। ਗੁਰੂ ਸਾਹਿਬਾਨ ਦੇ ਕੀਤੇ ਅਪਮਾਨ ਵਾਸਤੇ ਕਸੂਰਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਪੰਥਕ ਜ਼ਿੰਮੇਵਾਰੀ ਨਿਭਾਉਣ ਲਈ ਹਮੇਸ਼ਾ ਤਿਆਰ ਰਿਹਾ ਹੈ ਅਤੇ ਹੁਣ ਵੀ ਸੰਘਰਸ਼ ਨੂੰ ਆਖਰੀ ਪੜਾਅ ਤਕ ਪਹੁੰਚਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਸ ਸੰਘਰਸ਼ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਅੱਜ ਧਰਨੇ ਦੇ ਇਕ ਦਿਨ ਪੂਰਾ ਹੋਣ ’ਤੇ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਧਰਨੇ ਦੀ ਅਗਵਾਈ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਜਦੋਂ ਤਕ ਕਾਂਗਰਸ ਸਰਕਾਰ ਸਿੱਖ ਕੌਮ ਦੀਆਂ ਮੰਗਾਂ ਨਹੀਂ ਮੰਨਦੀ, ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਾਜ਼ਿਸ਼ ਤਹਿਤ ਸਿੱਖ ਇਤਿਹਾਸ ਨੂੰ ਗਲਤ ਰੰਗਤ ਦੇ ਕੇ ਬੱਚਿਆਂ ਨੂੰ ਗਲਤ ਇਤਿਹਾਸ ਪੜ੍ਹਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਸਿਖਿਆ ਮੰਤਰੀ ਤੋਂ ਅਸਤੀਫੇ ਦੀ ਮੰਗ ਕਰਦਿਆਂ ਆਖਿਆ ਕਿ ਇਸ ਮਾਮਲੇ ਵਿਚ ਮੁੱਖ ਮੰਤਰੀ ਅਕਾਲ ਤਖ਼ਤ ’ਤੇ ਹਾਜ਼ਰ ਹੋ ਕੇ ਸਿੱਖ ਕੌਮ ਕੋਲੋਂ ਮਾਫੀ ਮੰਗਣ। ਧਰਨੇ ਨੂੰ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਸੰਬੋਧਨ ਕੀਤਾ ਅਤੇ ਕਾਂਗਰਸ ਨੂੰ ਇਸ ਬਜਰ ਗਲਤੀ ਲਈ ਸਿੱਖ ਕੌਮ ਤੋਂ ਮਾਫੀ ਮੰਗਣ ਵਾਸਤੇ ਆਖਿਆ। ਇਸ ਮੌਕੇ ਜਗੀਰ ਕੌਰ, ਨਿਰਮਲ ਸਿੰਘ ਕਾਹਲੋਂ, ਗੁਲਜ਼ਾਰ ਸਿੰਘ ਰਣੀਕੇ, ਲਖਬੀਰ ਸਿੰਘ ਲੋਧੀਨੰਗਲ, ਭਾਈ ਰਜਿੰਦਰ ਸਿੰਘ ਮਹਿਤਾ, ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ ਤੇ ਹੋਰ ਆਗੂ ਹਾਜ਼ਰ ਸਨ।