ਸਿੱਧੂ ਨੇ ਲਖਨੌਰ-ਲਾਂਡਰਾਂ ਸੜਕ ਦੀ ਹਾਲਤ ਸੁਧਾਰਨ ਦਾ ਬੀੜਾ ਚੁੱਕਿਆ

17

November

2018

ਐਸਏਐਸ ਨਗਰ (ਮੁਹਾਲੀ), ਮੁਹਾਲੀ ਤੋਂ ਲਖਨੌਰ-ਲਾਂਡਰਾਂ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਇਲਾਕੇ ਦੇ ਲੋਕਾਂ ਨੂੰ ਜਲਦੀ ਹੀ ਛੁਟਕਾਰਾ ਮਿਲ ਜਾਏਗਾ। ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਂਡਰਾਂ ਜੰਕਸ਼ਨ ਅਤੇ ਇਸ ਸੜਕ ਦੀ ਜੂਨ ਸੁਧਾਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਕ ਕਰੋੜ ਦੀ ਲਾਗਤ ਨਾਲ 30 ਨਵੰਬਰ ਤੱਕ ਲਖਨੌਰ ਤੋਂ ਲਾਂਡਰਾਂ ਚੌਕ ਤੱਕ ਸੜਕ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਇਸ ਸਬੰਧੀ ਟੈਂਡਰ ਵੀ ਲੱਗ ਚੁੱਕੇ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਲਾਂਡਰਾਂ ਟੀ-ਪੁਆਇੰਟ (ਲਾਂਡਰਾਂ ਜੰਕਸ਼ਨ) ’ਤੇ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ 28 ਕਰੋੜ ਰੁਪਏ ਖ਼ਰਚੇ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਹਾਮੀ ਭਰਨ ਤੋਂ ਬਾਅਦ ਵਿੱਤ ਮੰਤਰੀ ਨੇ ਲੋੜੀਂਦੇ ਫੰਡ ਰਿਲੀਜ਼ ਕਰਨ ਸਬੰਧੀ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਲਾਂਡਰਾਂ ਤੋਂ ਸਰਹਿੰਦ ਤੱਕ ਮੁੱਖ ਸੜਕ ਨੂੰ ਜਲਦੀ ਮਜ਼ਬੂਤ ਅਤੇ ਚੌੜਾ ਕੀਤਾ ਜਾਵੇਗਾ। ਇਨ੍ਹਾਂ ਸੜਕਾਂ ਨੂੰ ਚੌੜਾ ਕਰਨ ਲਈ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਜਗਤਪੁਰਾ ਤੋਂ ਝਿਊਰਹੇੜੀ, ਕੰਡਾਲਾ, ਨੰਡਿਆਲੀ ਅਤੇ ਬਾਕਰਪੁਰ ਲਿੰਕ ਸੜਕਾਂ ਦੀ ਹਾਲਤ ਵੀ ਜਲਦੀ ਸੁਧਾਰੀ ਜਾਵੇਗੀ। ਇਸ ਤੋਂ ਇਲਾਵਾ ਮੁਹਾਲੀ ਤੋਂ ਚੱਪੜਚਿੜੀ ਜੰਗੀ ਯਾਦਗਾਰ ਤੱਕ ਪਹੁੰਚ ਸੜਕ ਅਤੇ ਖਰੜ ਲਾਂਡਰਾਂ ਮੁੱਖ ਸੜਕ ਤੋਂ ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਰਾਹੀਂ ਮੁਹਾਲੀ ਵੱਲ ਆਉਂਦੀ ਸੜਕ ਦੀ ਮੁਰੰਮਤ ਕਰਨ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਨ੍ਹਾਂ ਸੜਕਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਬਲੌਂਗੀ ਤੋਂ ਖਾਨਪੁਰ ਤੱਕ ਫਲਾਈਓਵਰ ਅਤੇ ਐਲੀਵੇਟਿਡ ਸੜਕ ਦੀ ਉਸਾਰੀ ਪ੍ਰਾਜੈਕਟ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਕੰਪਨੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਰਾਤ ਵੇਲੇ ਵਾਹਨਾਂ ਦਾ ਰੂਟ ਬਦਲਿਆ ਗਿਆ ਹੈ ਤਾਂ ਕਿ ਨਿਰਮਾਣ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ। ਇਸ ਲਈ ਭਾਰੀ ਵਾਹਨਾਂ ਦਾ ਇਸ ਸੜਕ ਤੋਂ ਲੰਘਣਾ ਬੰਦ ਕਰਕੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਮੁਹਾਲੀ ਅਤੇ ਖਰੜ ਸਮੇਤ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੇਗੀ।