ਉਪ ਰਾਸ਼ਟਰਪਤੀ ਨੇ ਕੋਠੇ ਖੁਸ਼ਹਾਲਪੁਰ ਵਿਚ ਪੌਦੇ ਲਾਏ

27

November

2018

ਬਟਾਲਾ, ਭਾਰਤ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਕੋਠੇ ਖੁਸ਼ਹਾਲਪੁਰ ’ਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ। ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਹਰੇਕ ਪਿੰਡ ਵਿਚ 550 ਪੌਦੇ ਲਾਏ ਜਾ ਰਹੇ ਹਨ। ਇਸ ਮੌਕੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੀ ਮੌਜੂਦ ਸਨ। ਉਪ ਰਾਸ਼ਟਰਪਤੀ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ, ਸੂਬਾਈ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਿੱਖਿਆ ਮੰਤਰੀ ਓਪੀ ਸੋਨੀ, ਖੇਡ ਮੰਤਰੀ ਗੁਰਮੀਤ ਸਿੰਘ ਸੋਢੀ, ਸੰਸਦ ਮੈਂਬਰ ਸੁਨੀਲ ਜਾਖੜ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਇਸ ਮੌਕੇ ਕਿਹਾ ਕਿ ਗੁਰੂ ਨਾਨਕ ਨੇ ਹਮੇਸ਼ਾ ਕੁਦਰਤ ਦੀ ਉਸਤਤ ਕੀਤੀ ਹੈ ਤੇ ਸਿੱਖੀ ਸਿਧਾਂਤ ਵਾਤਾਵਰਨ ਸੰਭਾਲ ਦੀ ਬਾਤ ਪਾਉਂਦੇ ਹਨ। ਉਨ੍ਹਾਂ ਕਿਹਾ ਕਿ 2019 ਤੱਕ ਸੂਬੇ ਦੀ ਹਰ ਗ੍ਰਾਮ ਪੰਚਾਇਤ ਵਿਚ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਵੀ ਵੱਖਰੇ ਤੌਰ ’ਤੇ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ।