ਸ਼੍ਰੋਮਣੀ ਅਕਾਲੀ ਦਲ ਵੱਲੋਂ ਗੰਨਾ ਕਾਸ਼ਤਕਾਰਾਂ ਦੇ ਹੱਕ ਵਿਚ ਧਰਨਾ

30

November

2018

ਗੁਰਦਾਸਪੁਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗੁਰਦਾਸਪੁਰ ਦੇ ਨਹਿਰੂ ਪਾਰਕ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਪੰਜਾਬ ਵਾਸੀਆਂ ਨੂੰ ਝੂਠੇ ਲਾਰਿਆਂ ਨਾਲ ਗੁਮਰਾਹ ਕਰ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੀਆਂ ਪਰਤਾਂ ਇਕ-ਇਕ ਕਰ ਕੇ ਖੁੱਲ੍ਹ ਰਹੀਆਂ ਹਨ। ਸਰਕਾਰ ਨੇ ਕਿਸਾਨਾਂ ਸਮੇਤ ਹਰੇਕ ਵਰਗ ਨਾਲ ਧੋਖਾ ਕੀਤਾ ਹੈ। ਜਦੋਂ ਤੱਕ ਖੰਡ ਮਿੱਲਾਂ ਵੱਲੋਂ ਕਿਸਾਨਾਂ ਦੀ ਚਾਰ ਸੌ ਕਰੋੜ ਰੁਪਏ ਤੋਂ ਉੱਪਰ ਦੀ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਜਾਂਦੀ, ਅਕਾਲੀ ਦਲ ਉਦੋਂ ਤੱਕ ਲੜਾਈ ਲੜਦਾ ਰਹੇਗਾ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਪ੍ਰਬੰਧਾਂ ਹੇਠ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸਰਕਾਰ ਨੇ ਹੁਕਮ ਜਾਰੀ ਕਰ ਕੇ ਕਿਸਾਨਾਂ ਨੂੰ ਝੋਨਾ ਸਮੇਂ ਸਿਰ ਬੀਜਣ ਨਹੀਂ ਦਿੱਤਾ। ਦੇਰੀ ਨਾਲ ਬੀਜੀ ਫ਼ਸਲ ਕਾਰਨ ਝੋਨੇ ਵਿਚ ਨਮੀ ਆਈ ਤੇ ਕਿਸਾਨਾਂ ਨੂੰ ਫ਼ਸਲ ਚੁਕਵਾਉਣ ਲਈ ਰਿਸ਼ਵਤ ਦੇਣੀ ਪਈ। ਝੋਨੇ ਦਾ ਝਾੜ ਵੀ ਘਟਿਆ ਤੇ ਕਣਕ ਦੀ ਬਿਜਾਈ ਵਿਚ ਦੇਰੀ ਵੀ ਹੋਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਢੇ ਸੱਤ ਸੌ ਕਰੋੜ ਬਜ਼ੁਰਗਾਂ ਨੂੰ ਪੈਨਸ਼ਨ ਨਹੀਂ ਮਿਲੀ। ਇਸ ਤੋਂ ਪਹਿਲਾਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਰਤਾਰਪੁਰ ਲਾਂਘੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਲਾਂਘਾ ਕਿਸੇ ਇਕ ਦੇ ਯਤਨਾਂ ਦੀ ਬਦੌਲਤ ਨਹੀਂ ਖੁੱਲ੍ਹਣ ਜਾ ਰਿਹਾ, ਬਲਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਅਰਦਾਸ ਦਾ ਨਤੀਜਾ ਹੈ। ਡੇਰਾ ਬਾਬਾ ਨਾਨਕ ਵਿਚ ਸਮਾਗਮ ਦੌਰਾਨ ਕੁਰਸੀਆਂ ਲਾਉਣ ਤੋਂ ਹੋਏ ਵਿਵਾਦ ਸਬੰਧੀ ਉਨ੍ਹਾਂ ਕਿਹਾ ਕਿ ਜੇਕਰ ਉੱਥੋਂ ਦੇ ਵਿਧਾਇਕ ਨੇ ਚੰਗਾ ਕੰਮ ਕੀਤਾ ਹੁੰਦਾ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਵੀ ਵੱਡੀ ਕੁਰਸੀ ਲਗਵਾ ਦੇਣੀ ਸੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ 350 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇ ਅਤੇ ਪ੍ਰਾਈਵੇਟ ਮਿੱਲਾਂ ਚਲਵਾਈਆਂ ਜਾਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਵੀ ਕਿਹਾ ਕਿ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਤੋਂ ਬਾਅਦ ਐੱਸਡੀਐੱਮ ਸਕੱਤਰ ਸਿੰਘ ਬੱਲ ਨੇ ਨਹਿਰੂ ਪਾਰਕ ਪੁੱਜ ਕੇ ਅਕਾਲੀ ਆਗੂਆਂ ਕੋਲੋਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਲਿਆ। ਇਸ ਮੌਕੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ, ਦੇਸ ਰਾਜ ਧੁੱਗਾ, ਬਲਬੀਰ ਸਿੰਘ ਬਾਠ, ਮਾਝਾ ਜ਼ੋਨ ਯੂਥ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਪਰਮਵੀਰ ਸਿੰਘ ਲਾਡੀ ਤੇ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਵੀ ਮੌਜੂਦ ਸਨ।