ਵਿਦਿਆਰਥੀਆਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਭਾਰੇਗੀ ਕਾਂਗਰਸ: ਹੁੱਡਾ

01

December

2018

ਚੰਡੀਗੜ੍ਹ, ਕਾਂਗਰਸ ਪਾਰਟੀ ਅਗਲੀਆਂ ਲੋਕ ਸਭਾ ਚੋਣਾਂ ਦੇ ਏਜੰਡੇ ਵਿਚ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਦੇਵੇਗੀ। ਨੌਜਵਾਨਾਂ ਦੀਆਂ ਸਮੱਸਿਆਵਾਂ ਅਤੇ ਵਿਚਾਰ ਜਾਨਣ ਲਈ ਕਾਂਗਰਸ ਨੇ ਦੇਸ਼ ਭਰ ਵਿਚ ‘ਬਿਹਤਰ ਭਾਰਤ’ ਮੁਹਿੰਮ ਵਿੱਢੀ ਹੈ, ਜਿਸ ਤਹਿਤ ਵਿਦਿਆਰਥੀਆਂ ਅਤੇ ਨੌਜਵਾਨਾਂ ਤੋਂ ਸੁਝਾਅ ਮੰਗੇ ਜਾਣਗੇ। ਇਸ ਸਿਲਸਿਲੇ ਵਿਚ ਅੱਜ ਪੰਜਾਬ ਯੂਨੀਵਰਸਿਟੀ ਵਿਚ ਐੱਨਐੱਸਯੂਆਈ ਵੱਲੋਂ ਕਰਵਾਏ ਸਮਾਗਮ ਵਿਚ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਨੌਜਵਾਨ ਵਰਗ ਸਭ ਤੋਂ ਵੱਧ ਪੀੜਤ ਹੈ। ਇਹੀ ਕਾਰਨ ਹੈ ਕਿ ਹਰਿਆਣਾ ਵਰਗੇ ਸੂਬੇ ਵਿਚ ਗਰੁੱਪ-ਡੀ ਦੇ 18 ਹਜ਼ਾਰ ਅਹੁਦਿਆਂ ਲਈ 18 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚ ਕਈ ਬਿਨੈਕਾਰਾਂ ਨੇ ਪੀਐੱਚਡੀ ਵੀ ਕੀਤੀ ਹੋਈ ਹੈ। ਉਨ੍ਹਾਂ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਪਾਰਟੀ ਨੇ ‘ਅੱਛੇ ਦਿਨ’ ਆਉਣ ਦਾ ਵਾਅਦਾ ਕੀਤਾ ਸੀ, ਪਰ ਇਹ ਦਿਨ ਕਦੋਂ ਆਉਣਗੇ, ਇਸ ਬਾਰੇ ਕੋਈ ਐਲਾਨ ਨਹੀਂ ਕੀਤਾ। ਸ੍ਰੀ ਹੁੱਡਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਸਕੂਲਾਂ ਵਿਚ ਅੰਗਰੇਜ਼ੀ ਭਾਸ਼ਾ ਲਾਜ਼ਮੀ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਕਿਉਂਕਿ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਨਾ ਆਉਣ ਕਾਰਨ ਉਹ ਉੱਚ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਖੇਤਰੀ ਭਾਸ਼ਾਵਾਂ-ਪੰਜਾਬੀ ਅਤੇ ਹਿੰਦੀ ਦੀ ਮਹੱਤਤਾ ਨੂੰ ਘੱਟ ਨਹੀਂ ਕੀਤਾ ਜਾਵੇਗਾ, ਪਰ ਰੁਜ਼ਗਾਰ ਅਤੇ ਹੋਰ ਮਾਮਲਿਆਂ ਦੇ ਸੰਚਾਰ ਲਈ ਅੰਗਰੇਜ਼ੀ ਭਾਸ਼ਾ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਐੱਨਐੱਸਯੂਆਈ ਅਤੇ ਕਾਂਗਰਸ ਦੀ ਵਿਚਾਰਧਾਰਾ ਸਮਾਨਤਾ ਅਤੇ ਹਰ ਭਾਈਚਾਰੇ ਨੂੰ ਨਾਲ ਲੈ ਕੇ ਚੱਲਣ ਵਾਲੀ ਹੈ। ਇਸੇ ਦੌਰਾਨ ਵਿਦਿਆਰਥੀ ਰਾਜਦਵਿੰਦਰ ਨੇ ਸਵਾਲ ਕੀਤਾ ਕਿ ਪੀਯੂ ਦੇ 3 ਹਜ਼ਾਰ ਐੱਸਸੀ ਵਿਦਿਆਰਥੀਆਂ ਨੂੰ 2015 ਤੋਂ 2018 ਤੱਕ ਪੋਸਟ ਮੈਟਰਿਕ ਸਕਾਲਰਸ਼ਿਪ ਨਹੀਂ ਮਿਲਿਆ। ਇਸ ਸਬੰਧ ਵਿਚ ਦੀਪੇਂਦਰ ਹੁੱਡਾ ਨੇ ਭਰੋਸਾ ਦਿਵਾਇਆ ਕਿ ਇਹ ਮਾਮਲਾ ਸਰਕਾਰ ਤੱਕ ਪੁੱਜਦਾ ਕਰਨਗੇ ਅਤੇ ਸਮੱਸਿਆ ਛੇਤੀ ਹੱਲ ਕੀਤੀ ਜਾਵੇਗੀ।