ਖਹਿਰਾ ਵੱਲੋਂ ਅਸਤੀਫ਼ਾ ਦੇਣਾ ਮੌਕਾਪ੍ਰਸਤੀ ਦੀ ਮਿਸਾਲ: ਭਗਵੰਤ ਮਾਨ

07

January

2019

ਬਰਨਾਲਾ, ‘ਸੁਖਪਾਲ ਖਹਿਰਾ ਦਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਮਹਿਜ਼ ਡਰਾਮਾ ਤੇ ਮੌਕਾਪ੍ਰਸਤੀ ਦੀ ਮਿਸਾਲ ਹੈ।’ ਇਹ ਗੱਲ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਮੁਖੀ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਹੀ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲਾਂ ਤੋਂ ਹੀ ਨਿਰਧਾਰਿਤ ਸੀ ਅਤੇ ਅਜਿਹੇ ਆਗੂਆਂ ਦੇ ਪਾਰਟੀ ਛੱਡਣ ਨਾਲ ਪਾਰਟੀ ਮਜ਼ਬੂਤ ਹੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਖਹਿਰਾ ਨੂੰ ਅਨੁਸ਼ਾਸਨਹੀਣਤਾ ਦੇ ਆਧਾਰ ’ਤੇ ਬਰਖ਼ਾਸਤ ਕੀਤਾ ਗਿਆ ਸੀ ਤੇ ਸਮਝਾਉਣ ਦਾ ਯਤਨ ਕੀਤਾ ਗਿਆ ਸੀ ਪਰ ਉਹ ਹਮੇਸ਼ਾ ਤੋਂ ਪਾਰਟੀ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ ਹਨ। ਸ੍ਰੀ ਮਾਨ ਨੇ ਕਿਹਾ ਕਿ ਅਸਤੀਫ਼ਾ ਡਰਾਮਾ ਹੈ ਅਤੇ ਉਨ੍ਹਾਂ ਨੂੰ ਵਿਧਾਇਕੀ ਤੋਂ ਅਸਤੀਫ਼ਾ ਦੇ ਕੇ ਭੁਲੱਥ ਤੋਂ ਦੁਬਾਰਾ ਚੋਣ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਨਾਰਾਜ਼ ਵਿਧਾਇਕਾਂ ਲਈ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਪਾਰਟੀ ਪੰਜਾਬ ਵਿਚ ਮਜ਼ਬੂਤੀ ਨਾਲ ਉੱਭਰ ਰਹੀ ਹੈ ਤੇ 2019 ਦੀਆਂ ਚੋਣਾਂ ਆਪਣੇ ਦਮ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੋਂ ਅੱਕ ਚੁੱਕੇ ਹਨ। ਕੋਰ ਕਮੇਟੀ ਦੇ ਕਨਵੀਨਰ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪਾਰਟੀ ਕਿਸੇ ਵਿਅਕਤੀ ਵਿਸ਼ੇਸ਼ ਉੱਤੇ ਨਹੀਂ ਖੜ੍ਹੀ ਬਲਕਿ ਪੰਜਾਬ ਦੇ ਆਮ ਲੋਕਾਂ ਅਤੇ ਪਾਰਟੀ ਦੇ ਵਾਲੰਟੀਅਰਾਂ ਦੇ ਸਹਾਰੇ ਚੱਲਦੀ ਹੈ। ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਕਾਰਤਮਕ ਰਾਜਨੀਤੀ ਵਿਚ ਵਿਸ਼ਵਾਸ ਨਹੀਂ ਰੱਖਦੀ ਤੇ ਹਮੇਸ਼ਾ ਲੋਕਾਂ ਦੇ ਮੁੱਦੇ ਚੁੱਕਦੀ ਹੈ। ਉਨ੍ਹਾਂ ਕਿਹਾ ਕਿ ਖਹਿਰਾ ‘ਆਪ’ ਲਈ ਕੋਈ ਮੁੱਦਾ ਨਹੀਂ ਹਨ, ਸਗੋਂ ਲੋਕਾਂ ਦੇ ਮੁੱਦੇ ਸਰਵਉੱਚ ਹਨ। ਇਸ ਮੌਕੇ ਪਾਰਟੀ ਦੇ ਵਿਧਾਇਕ ਮਨਜੀਤ ਬਿਲਾਸਪੁਰ, ਕੁਲਵੰਤ ਪੰਡੋਰੀ, ਰੁਪਿੰਦਰ ਰੂਬੀ, ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਤੇ ਸੂਬਾਈ ਆਗੂ ਮਾਸਟਰ ਪ੍ਰੇਮ ਕੁਮਾਰ ਹਾਜ਼ਰ ਸਨ। ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਥੇ ਰੈਸਟ ਹਾਊਸ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ ਕਿਉਂਕਿ ਖਹਿਰਾ ਵਿਧਾਇਕ ਵੀ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਹੀ ਬਣੇ ਹਨ। ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲਦ ਹੀ ਪਾਰਟੀ ਦੀ ਕੋਰ ਕਮੇਟੀ ਵੱਲੋਂ ਫ਼ੈਸਲਾ ਲਿਆ ਜਾਵੇਗਾ ਕਿ ਕਾਨੂੰਨ ਦੀਆਂ ਕਿਹੜੀਆਂ ਧਾਰਾਵਾਂ ਤਹਿਤ ਖਹਿਰਾ ਖ਼ਿਲਾਫ਼ ਕਾਰਵਾਈ ਕਰਨੀ ਹੈ।