ਨਾਜਾਇਜ਼ ਕਬਜ਼ੇ ਤੇ ਲਾਵਾਰਿਸ ਪਸ਼ੂਆਂ ਦੇ ਮੁੱਦਿਆਂ ’ਤੇ ਬਹਿਸ

03

February

2019

ਐਸਏਐਸ ਨਗਰ (ਮੁਹਾਲੀ), ਮੁਹਾਲੀ ਨਗਰ ਨਿਗਮ ਦੀ ਅੱਜ ਬਾਅਦ ਦੁਪਹਿਰ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਵਿੱਚ ਨਾਜਾਇਜ਼ ਕਬਜ਼ੇ, ਲਾਵਾਰਿਸ ਤੇ ਪਾਲਤੂ ਪਸ਼ੂਆਂ ਅਤੇ ਸ਼ਹਿਰ ਵਿੱਚ ਘੁੰਮਦੇ ਆਵਾਰਾ ਕੁੱਤਿਆਂ ਦੇ ਮੁੱਦੇ ’ਤੇ ਤਿੱਖੀ ਬਹਿਸ ਹੋਈ। ਅਕਾਲੀ ਦਲ ਦੀ ਕੌਂਸਲਰ ਉਪਿੰਦਰਪ੍ਰੀਤ ਕੌਰ ਗਿੱਲ ਅਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਉਨ੍ਹਾਂ ਦੇ ਵਾਰਡ ਵਿੱਚ ਗਲਤ ਦਖ਼ਲਅੰਦਾਜ਼ੀ ਨੂੰ ਲੈ ਕੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਟ੍ਰੀ-ਪਰੂਨਿੰਗ ਮਸ਼ੀਨਾਂ ਦੇ ਮੁੱਦੇ ’ਤੇ ਕਾਂਗਰਸੀ ਅਤੇ ਅਕਾਲੀ-ਭਾਜਪਾ ਕੌਂਸਲਰ ਆਹਮੋ-ਸਾਹਮਣੇ ਆ ਗਏ। ਕਾਂਗਰਸ ਦੇ ਕੁਲਜੀਤ ਸਿੰਘ ਬੇਦੀ ਅਤੇ ਬੀਬੀ ਮੈਣੀ ਨੇ ਟ੍ਰੀ-ਪਰੂਨਿੰਗ ਮਸ਼ੀਨਾਂ ਖਰੀਦਣ ਲਈ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਧੰਨਵਾਦੀ ਮਤਾ ਪਾਸ ਕਰਨ ਦੀ ਮੰਗ ਕੀਤੀ। ਇਸ ਦਾ ਮੇਅਰ ਧੜੇ ਦੇ ਕੌਂਸਲਰਾਂ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ ਨੇ ਇਨ੍ਹਾਂ ਮਸ਼ੀਨਾਂ ਨੂੰ ਜੁਗਾੜੂ ਦੱਸਦਿਆਂ ਤਿੱਖਾ ਵਿਰੋਧ ਕੀਤਾ। ਉਧਰ, ਕਾਫੀ ਰੌਲੇ ਰੱਪੇ ਤੋਂ ਬਾਅਦ ਸ਼ੁਰੂ ਹੋਈ ਇਹ ਮੀਟਿੰਗ ਸ਼ਾਮ ਤੱਕ ਚਲੀ। ਸ਼ਹਿਰ ਵਾਸੀਆਂ ਵੱਲੋਂ ਆਪਣੇ ਘਰਾਂ ਦੇ ਬਾਹਰ ਕੀਤੇ ਗਏ ਕਬਜ਼ਿਆਂ ਨੂੰ ਹਟਾਉਣ ਦੇ ਮੁੱਦੇ ’ਤੇ ਭਖਵੀਂ ਬਹਿਸ ਹੋਈ। ਇਸ ਸਬੰਧੀ ਸ਼ਹਿਰ ’ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਨਿਗਮ ਕਮਿਸ਼ਨਰ ਅਤੇ ਸੰਯੁਕਤ ਕਮਿਸ਼ਨਰ ਅਤੇ ਐਕਸੀਅਨ ਦੀ ਜਵਾਬਦੇਹੀ ਤੈਅ ਕੀਤੀ ਗਈ। ਇਸ ਮਤੇ ਅਨੁਸਾਰ ਜੇ ਲੋਕਾਂ ਵੱਲੋਂ ਅਗਲੇ 15 ਦਿਨਾਂ ਦੇ ਅੰਦਰ ਘਰਾਂ ਦੇ ਮੂਹਰੇ ਅਤੇ ਸਾਈਡਾਂ ’ਤੇ ਕੀਤੇ ਕਬਜ਼ੇ ਖ਼ੁਦ ਨਹੀਂ ਹਟਾਏ ਤਾਂ ਕਬਜ਼ਾਕਾਰਾਂ ਤੋਂ ਜੁਰਮਾਨਾ ਵਸੂਲਿਆ ਜਾਵੇਗਾ। ਕੁਲਜੀਤ ਬੇਦੀ ਨੇ ਕਿਹਾ ਕਿ ਇਸ ਸਬੰਧੀ ਕੌਂਸਲਰਾਂ ਦੀ ਸਬ-ਕਮੇਟੀ ਕਾਇਮ ਕੀਤੀ ਜਾਵੇਗੀ। ਇਸ ਦੇ ਜਵਾਬ ਵਿੱਚ ਮੇਅਰ ਨੇ ਕਿਹਾ ਕਿ ਨਾਜਾਇਜ਼ ਕਬਜ਼ੇ ਹਾਈ ਕੋਰਟ ਦੇ ਹੁਕਮਾਂ ’ਤੇ ਹਟਾਏ ਜਾ ਰਹੇ ਹਨ। ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਖੇਡ ਮੈਦਾਨ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਗਮਾਡਾ ਨੇ ਦਸਹਿਰਾ ਗਰਾਉਂਡ ਅਤੇ ਖੇਡ ਮੈਦਾਨ ਵੇਚ ਦਿੱਤੇ ਹਨ ਅਤੇ ਹੁਣ ਨੌਜਵਾਨਾਂ ਕੋਲ ਖੇਡਣ ਲਈ ਕੋਈ ਗਰਾਉਂਡ ਨਹੀਂ ਹੈ ਜਦੋਂਕਿ ਖੇਡ ਸਟੇਡੀਅਮ ਵੀ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੇਅਰ ਨੇ ਕਿਹਾ ਕਿ ਇਸ ਸਬੰਧੀ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਜਾਵੇਗਾ। ਅਕਾਲੀ ਕੌਂਸਲਰ ਰਵਿੰਦਰ ਸਿੰਘ ਬੈਦਵਾਨ ਨੇ ਆਵਾਰਾ ਤੇ ਪਾਲਤੂ ਪਸ਼ੂਆਂ ਅਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਆਵਾਰਾ ਕੁੱਤਿਆਂ ਦਾ ਮੁੱਦਾ ਚੁੱਕਿਆ। ਕਮਿਸ਼ਨਰ ਭੁਪਿੰਦਰਪਾਲ ਸਿੰਘ ਨੇ ਹਾਊਸ ਨੂੰ ਦੱਸਿਆ ਕਿ ਹੁਣ ਤੱਕ 117 ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਵਿੱਚ ਭੇਜਿਆ ਗਿਆ ਹੈ ਅਤੇ ਕੁੱਤਿਆਂ ਦੀ ਨਸਬੰਦੀ ਕੀਤੀ ਜਾ ਰਹੀ ਹੈ। ਸੁਖਦੇਵ ਸਿੰਘ ਪਟਵਾਰੀ ਨੇ ਸੁਸਾਇਟੀਆਂ ਦੇ ਵਿਕਾਸ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸੁਸਾਇਟੀਆਂ ਵਿੱਚ ਰਹਿੰਦੇ ਲੋਕਾਂ ਤੋਂ ਪ੍ਰਾਪਰਟੀ ਟੈਕਸ ਤਾਂ ਵਸੂਲਿਆ ਜਾ ਰਿਹਾ ਹੈ ਪਰ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਹੱਥ ਪਿੱਛੇ ਖਿੱਚ ਲਿਆ ਜਾਂਦਾ ਹੈ। ਇਸ ਮੁੱਦੇ ’ਤੇ ਮੇਅਰ ਨੇ ਕਿਹਾ ਕਿ ਇਸ ਸਬੰਧੀ ਹੋਣ ਵਾਲੇ ਕੰਮਾਂ ਦੇ ਐਸਟੀਮੇਟ ਤਿਆਰ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਵਿੱਚ ਸੈਕਟਰ-65 ਏ ਅਤੇ ਸੈਕਟਰ-78 ਵਿੱਚ ਦੋ ਨਵੇਂ ਫਾਇਰ ਸਟੇਸ਼ਨ ਬਣਾਉਣ ਅਤੇ ਸ਼ਹਿਰ ਨੂੰ ਖੁੱਲ੍ਹੇ ਵਿੱਚ ਸ਼ੌਚ ਮੁਕਤ ਕਰਨ ਦਾ ਫੈਸਲਾ ਕੀਤਾ ਗਿਆ। ਗਊਸ਼ਾਲਾ ਦਾ ਬਿਜਲੀ ਦੇ ਬਿੱਲ ਦਾ ਭੁਗਤਾਨ ਕਰਨ ਸਮੇਤ ਨਿਗਮ ਦੇ ਮੁਲਾਜ਼ਮਾਂ ਨਾਲ ਸਬੰਧਤ ਮਤੇ ਪਾਸ ਕੀਤੇ ਗਏ।