ਚੋਣਾਂ ਨੇੜੇ ਆਉਣ ’ਤੇ ਭਾਜਪਾ ਉਦਘਾਟਨਾਂ ’ਚ ਰੁੱਝੀ: ਬਾਂਸਲ

04

March

2019

ਚੰਡੀਗੜ੍ਹ, ਚੰਡੀਗੜ੍ਹ ਯੂਥ ਕਾਂਗਰਸ ਵਲੋਂ ਇਥੇ ਸੈਕਟਰ 38 (ਵੈਸਟ) ਵਿੱਚ ਅੱਜ ਰੈਲੀ ਕੀਤੀ ਗਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਭਾਜਪਾ ਨੇ ਪਿਛਲੇ ਪੰਜ ਸਾਲਾਂ ਵਿੱਚ ਚੰਡੀਗੜ੍ਹ ਲਈ ਕੁੱਝ ਨਹੀਂ ਕੀਤਾ ਅਤੇ ਹੁਣ ਜਦੋਂ ਚੋਣਾਂ ਸਿਰ ’ਤੇ ਆ ਗਈਆਂ ਹਨ ਤਾਂ ਸਿਰਫ ਉਦਘਾਟਨ ਅਤੇ ਨੀਂਹ ਪੱਥਰ ਹੀ ਰੱਖੇ ਜਾ ਰਹੇ ਹਨ। ਉਨਾਂ ਦੋਸ਼ ਲਗਾਇਆ ਕਿ ਜਿਨ੍ਹਾਂ ਪ੍ਰਾਜੈਕਟਾਂ ਬਾਰੇ ਟੈਂਡਰ ਸਫਲ ਨਹੀਂ ਹੋਏ, ਉਨ੍ਹਾਂ ਪ੍ਰਾਜੈਕਟਾਂ ਦਾ ਵੀ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਭਾਜਪਾ ਦੀ ਨਾਕਾਮੀ ਜੱਗ ਜ਼ਾਹਿਰ ਹੋ ਗਈ ਹੈ। ਸ੍ਰੀ ਬਾਂਸਲ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ਵਿਚੋਂ 10 ਫੀਸਦੀ ਵਾਅਦੇ ਵੀ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂ, ਕਾਂਗਰਸ ਸਮੇਂ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਨੂੰ ਨਵੇਂ ਪ੍ਰਾਜੈਕਟਾਂ ਦਾ ਨਾਂ ਦੇ ਕੇ ਵਾਹ-ਵਾਹ ਖੱਟ ਰਹੇ ਹਨ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੰਸਦ ਕਿਰਨ ਖੇਰ ਨੇ ਜਿਹੜੇ ਅੱਜ ਤਿੰਨ ਹਸਪਤਾਲਾਂ ਦਾ ਉਦਘਾਟਨ ਕੀਤਾ ਹੈ, ਉਹ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਪਵਨ ਬਾਂਸਲ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਹੈ ਕਿ ਬਿਨਾਂ ਡਾਕਟਰਾਂ ਤੋਂ ਹੀ ਇਨ੍ਹਾਂ ਹਸਪਤਾਲਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਲੋਕ, ਭਾਜਪਾ ਅਤੇ ਸੰਸਦ ਮੈਂਬਰ ਕਿਰਨ ਖੇਰ ਤੋਂ ਨਾਰਾਜ਼ ਹਨ ਅਤੇ ਇਹ ਨਾਰਾਜ਼ਗੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਭਾਰੀ ਪਏਗੀ। ਉਨ੍ਹਾਂ ਦੋਸ਼ ਲਾਇਆ ਕਿ ਸੰਸਦ ਕਿਰਨ ਖੇਰ ਕੋਲ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਲਈ ਸਮਾਂ ਨਹੀਂ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ-2 ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਗਾਬੀ ਨੇ ਕਿਹਾ ਕਿ ਭਾਜਪਾ ਦੇ ਜੁਮਲਿਆਂ ਤੋਂ ਲੋਕ ਤੰਗ ਆ ਚੁੱਕੇ ਹਨ। ਉਨਾਂ ਕਿਹਾ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਨਰਿੰਦਰ ਮੋਦੀ ਦੀ ਸਰਕਾਰ ਤੋਂ ਨਿਰਾਸ਼ ਹੈ ਕਿਉਂਕਿ ਮੋਦੀ ਸਰਕਾਰ ਨੇ ਨੋਟਬੰਦੀ ਕਰ ਕੇ ਅਤੇ ਜੀਐਸਟੀ ਲਗਾ ਕੇ ਨੌਜਵਾਨਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਆਗਾਮੀਂ ਲੋਕ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਹੀ ਵੋਟ ਪਾਉਣ ਦਾ ਮਨ ਬਣਾ ਚੁੱਕਾ ਹੈ।