Arash Info Corporation

ਯੂਟੀ ਕਰਮਚਾਰੀਆਂ ਨੂੰ ਸੋਧੀਆਂ ਤਨਖਾਹਾਂ ਦਿਵਾਉਣ ਦਾ ਰਾਹ ਕੱਢਾਂਗੇ: ਖੇਰ

17

May

2019

ਚੰਡੀਗੜ੍ਹ, ਚੰਡੀਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਝੀ ਉਮੀਦਵਾਰ ਕਿਰਨ ਖੇਰ ਨੇ ਕਿਹਾ ਹੈ ਕਿ ਚੋਣ ਜਿੱਤਣ ਦੀ ਸੂਰਤ ਵਿਚ ਉਹ ਯੂਟੀ ਦੇ ਕਰਮਚਾਰੀਆਂ ਨੂੰ ਸੋਧੀਆਂ ਤਨਖਾਹ ਦਿਵਾਉਣ ਲਈ ਹਰ ਸੰਭਵ ਕਦਮ ਉਠਾਵੇਗੀ। ਉਨ੍ਹਾਂ ਨੇ ਕਰਮਚਾਰੀਆਂ ਨਾਲ ਸਬੰਧਿਤ ਮੰਗਾਂ ਉਪਰ ਵਿਚਾਰ-ਵਟਾਂਦਰੇ ਤੋਂ ਬਾਅਦ ਯੂਟੀ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਸੋਧੇ ਵੇਤਨ ਦਿਵਾਉਣ ਦਾ ਰਾਹ ਕੱਢਣ ਦੀ ਗੱਲ ਨੂੰ ਚੋਣ ਮਨੋਰਥ ਪੱਤਰ ਵਿਚ ਵੀ ਸ਼ਾਮਲ ਕਰ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸ਼ਿਫਾਰਿਸ਼ਾਂ ਹਾਲੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ ਅਤੇ ਚੰਡੀਗੜ੍ਹ ਦੇ ਮੁਲਾਜ਼ਮਾਂ ਉਪਰ ਵੀ ਪੰਜਾਬ ਦਾ ਤਨਖਾਹ ਕਮਿਸ਼ਨ ਹੀ ਲਾਗੂ ਹੋਣਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜੇਕਰ ਪੰਜਾਬ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਲਾਗੂ ਨਹੀਂ ਕਰਦੀ ਤਾਂ ਯੂਟੀ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਸੋਧਣ ਦਾ ਕੋਈ ਰਾਹ ਲੱਭਿਆ ਜਾਵੇਗਾ ਤਾਂ ਜੋ ਯੂਟੀ ਦੇ ਕਰਮਚਾਰੀਆਂ ਨੂੰ ਪੰਜਾਬ ਦੇ ਫੈਸਲੇ ਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੀ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਗਈ ਸੀ ਅਤੇ ਇਨ੍ਹਾਂ ਦੇ ਹੱਲ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਯੂਟੀ ਦੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਰਾਹੀਂ ਕਰਮਚਾਰੀਆਂ ਦੀ ਭਲਾਈ ਲਈ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੀਏ ਦੀ ਕਿਸ਼ਤ ਜਾਰੀ ਨਾ ਕਰਨ ਕਾਰਨ ਯੂਟੀ ਦੇ ਕਰਮਚਾਰੀਆਂ ਨੂੰ ਡੀਏ ਨਹੀਂ ਮਿਲਦਾ ਸੀ। ਉਨ੍ਹਾਂ ਨੇ ਇਸ ਨੂੰ ਪੰਜਾਬ ਤੋਂ ਡੀਲਿੰਕ ਕਰਵਾਇਆ ਅਤੇ ਪੰਜਾਬ ਵੱਲੋਂ ਡੀਏ ਦੀ ਕਿਸ਼ਤ ਜਾਰੀ ਨਾ ਕਰਨ ਦੇ ਬਾਵਜੂਦ ਯੂਟੀ ਦੇ ਕਰਮਚਾਰੀਆਂ ਨੂੰ ਡੀਏ ਦਿਵਾਇਆ ਸੀ। ਇਸ ਤਰ੍ ਹੁਣ ਉਹ ਯੂਟੀ ਦੇ ਕਰਮਚਾਰੀਆਂ ਨੂੰ ਨਵੇਂ ਤਨਖਾਹ ਸਕੇਲ ਵੀ ਦਿਵਾਏਗੀ। ਉਨ੍ਹਾਂ ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਅਧਾਰ ’ਤੇ ਨੌਕਰੀਆਂ ਦਿਵਾਉਣ ਦਾ ਵਾਅਦਾ ਵੀ ਕੀਤਾ।