ਨਸ਼ਿਆਂ ਦੇ ਖ਼ਾਤਮੇ ਲਈ ਕੌਮੀ ਨੀਤੀ ਬਣੇ: ਸਿਹਤ ਮੰਤਰੀ

03

October

2018

ਲੁਧਿਆਣਾ, ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਆਖਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਕੇਂਦਰ ਸਰਕਾਰ ਨੂੰ ਕੌਮੀ ਨੀਤੀ ਬਣਾਉਣੀ ਚਾਹੀਦੀ ਹੈ, ਜੋ ਸਾਰੇ ਸੂਬੇ ’ਤੇ ਲਾਗੂ ਹੋਵੇ। ਉਹ ਅੱਜ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਚ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਅਤੇ ਇਸ ਦਿਸ਼ਾ ਵਿਚ ਕੰਮ ਕਰ ਰਹੀ ਹੈ। ਸੂਬੇ ਵਿਚ ਖਸਖਸ ਅਤੇ ਡੋਡਿਆਂ ਦੀ ਖੇਤੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਦੇਸ਼ ਦੇ ਹਰੇਕ ਖਿੱਤੇ ਵਿਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਜ਼ਰੂਰਤ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੀ ਸਲਾਹ ਨਾਲ ਇੱਕ ਕੌਮੀ ਨੀਤੀ ਬਣਾਈ ਜਾਵੇ, ਜਿਸ ਨੂੰ ਹਰੇਕ ਸੂਬਾ ਲਾਗੂ ਕਰੇ। ਇਸ ਨਾਲ ਹੀ ਪੰਜਾਬ ਵਰਗੇ ਸੂਬੇ ਨਸ਼ੇ ਦੀ ਮਾਰ ਤੋਂ ਬਚ ਸਕਦੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਮਹਿਸੂਸ ਕੀਤਾ ਸੀ ਕਿ ਲੋਕ ਹਿੱਤ ਦੀਆਂ ਯੋਜਨਾਵਾਂ ਤਾਂ ਬਹੁਤ ਹਨ ਪਰ ਯੋਗ ਲੋਕਾਂ ਨੂੰ ਉਨ੍ਹਾਂ ਦਾ ਲਾਭ ਨਹੀਂ ਮਿਲ ਰਿਹਾ। ਅਜਿਹੇ ਯੋਗ ਲਾਭਪਾਤਰੀਆਂ ਦੀ ਭਾਲ ਲਈ ਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲਾਗੂ ਕੀਤੀ ਗਈ ਸੀ, ਜੋ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮੁਹੱਈਆ ਕਰਾਉਣ ਲਈ ਦ੍ਰਿੜ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜਿਆ ਜਾ ਰਿਹਾ ਹੈ। ਸਰਕਾਰ ਵੱਲੋਂ 2.62 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਲਾਲ ਬਹਾਦਰ ਸ਼ਾਸਤਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਰਾਸ਼ਟਰ ਨੂੰ ਅਹਿੰਸਾ ਦਾ ਰਾਹ ਅਪਣਾ ਕੇ ਦੇਸ਼ ਅਤੇ ਦੇਸ਼ ਦੇ ਲੋਕਾਂ ਦਾ ਵਿਕਾਸ ਕਰਨ ਲਈ ਯਤਨ ਕੀਤੇ।