ਕਾਂਗੜ ਦੇ ਭਰੋਸੇ ਮਗਰੋਂ ਡੀਸੀ ਦਫ਼ਤਰ ਮੁਲਾਜ਼ਮਾਂ ਵੱਲੋਂ ਹੜਤਾਲ ਮੁਲਤਵੀ

21

June

2019

ਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਦੇ ਮਾਲ ਮੰਤਰੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਚੰਡੀਗੜ੍ਹ ਵਿੱਚ ਮੁਲਾਜ਼ਮਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਮਗਰੋਂ ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਕਾਂਗੜ ਨੇ ਅੱਜ ਡੀਸੀ ਦਫ਼ਤਰ ਮੁਲਾਜ਼ਮ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਮੰਤਰੀ ਨੇ 26 ਜੂਨ ਨੂੰ ਸਾਰੇ ਡਿਵੀਜ਼ਨਾਂ ਦੇ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਦੀ ਪੈਨਲ ਮੀਟਿੰਗ ਸੱਦਣ ਦਾ ਭਰੋਸਾ ਦਿੱਤਾ। ਇਸ ਮੌਕੇ ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ਅਤੇ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਮੰਤਰੀ ਦੇ ਭਰੋਸੇ ਮਗਰੋਂ ਫਿਲਹਾਲ 26 ਜੂਨ ਤੱਕ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਜੇਕਰ ਹੁਣ ਵੀ ਸਰਕਾਰ ਆਪਣੇ ਵਾਅਦੇ ਤੋਂ ਮੁੱਕਰੀ ਤਾਂ ਮੁਲਾਜ਼ਮਾਂ ਵੱਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਤੋਂ ਪਹਿਲਾਂ ਮੁਹਾਲੀ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਵੀਰਵਾਰ ਨੂੰ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਵੱਖ ਵੱਖ ਦਫ਼ਤਰਾਂ ਦੇ ਕਰਮਚਾਰੀਆਂ ਨੇ ਅੱਜ ਵੀ ਸਾਰਾ ਦਿਨ ਕਲਮਛੋੜ ਹੜਤਾਲ ਜਾਰੀ ਰੱਖੀ। ਇਸ ਕਾਰਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸੇ ਦੌਰਾਨ ਮੁਲਜ਼ਮਾਂ ਨੇ ਕੈਪਟਨ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਰਮਚਾਰੀ ਯੂਨੀਅਨ ਦੇ ਮੋਹਰੀ ਆਗੂਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੱਧਰੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।