ਤਹਿਸੀਲ ਮੁਲਾਜ਼ਮਾਂ ਤੋਂ ਅੱਕੀ ਔਰਤ ਨੇ ਨਿਗਲਿਆ ਜ਼ਹਿਰ

21

June

2019

ਮੌੜ ਮੰਡੀ, ਸਥਾਨਕ ਤਹਿਸੀਲ ਕਰਮਚਾਰੀਆਂ ਦੇ ਲਾਰਿਆਂ ਤੋਂ ਅੱਕੀ ਪਿੰਡ ਮੌੜ ਚੜ੍ਹਤ ਸਿੰਘ ਦੀ ਔਰਤ ਨੇ ਅੱਜ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਪਾਲ ਕੌਰ ਪੁੱਤਰੀ ਮਰਹੂਮ ਮੱਖਣ ਸਿੰਘ ਪਿੰਡ ਮੌੜ ਚੜ੍ਹਤ ਸਿੰਘ ਦੀ ਮਾਤਾ ਚਰਨਜੀਤ ਕੌਰ ਦਾ ਆਪਣੇ ਹੀ ਪਰਿਵਾਰਕ ਮੈਂਬਰਾਂ ਨਾਲ ਜ਼ਮੀਨ ਦੀ ਵੰਡ ਦਾ ਕੇਸ ਚਲਦਾ ਸੀ, ਜਿਸ ਦਾ ਫੈਸਲਾ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਬਜ਼ੇ ਲਈ ਸਬੰਧਤ ਮਿਸਲ ਤਹਿਸੀਲ ਮੌੜ ਵਿਖੇ ਭੇਜ ਦਿੱਤਾ ਗਿਆ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਅਤੇ ਤਹਿਸੀਲ ਕਰਮਚਾਰੀਆਂ ਦੇ ਲਗਾਤਾਰ ਲਗਾਏ ਜਾ ਰਹੇ ਲਾਰਿਆਂ ਤੋਂ ਤੰਗ ਆ ਚੁੱਕੀ ਵੀਰਪਾਲ ਕੌਰ ਨੇ ਕੀਟਨਾਸ਼ਕ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਔਰਤ ਨੂੰ ਇਕ ਨਿੱਜੀ ਹਸਪਤਾਲ ਦਾਖਲ ਕਰਵਾ ਦਿੱਤਾ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੀੜਤ ਔਰਤ ਦੇ ਚਾਚਾ ਜਗਜੀਤ ਸਿੰਘ ਨੇ ਦੱਸਿਆ ਕਿ ਤਹਿਸੀਲ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਇਨਸਾਫ਼ ਨਹੀ ਮਿਲਿਆ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਨ੍ਹਾਂ ਦੀ ਭਤੀਜੀ ਨੂੰ ਸਪਰੇਅ ਪੀਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਮਾਲ ਮੰਤਰੀ ਤੋਂ ਮੰਗ ਕੀਤੀ ਹੈ ਕਿ ਸਬੰਧਤ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਨਾਇਬ ਤਹਿਸੀਲਦਾਰ ਰਾਜਿੰਦਰ ਸਿੰਘ ਨੇ ਕਿਹਾ ਕਿ ਸਟਾਫ ਦੀ ਹੜਤਾਲ ਚੱਲ ਰਹੀ ਹੈ, ਜਿਸ ਕਾਰਨ ਕਬਜ਼ਾ ਕਾਰਵਾਈ ਹੜਤਾਲ ਖੁੱਲ੍ਹਣ ਤੋਂ ਬਾਅਦ ਹੀ ਅਮਲ ’ਚ ਲਿਆਂਦੀ ਜਾਵੇਗੀ। ਇਸ ਸਬੰਧੀ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।