ਸਹਾਇਕ ਧੰਦੇ ਅਪਣਾਉਣਾ ਸਮੇਂ ਦੀ ਲੋੜ: ਰਾਣਾ

05

October

2018

ਰੂਪਨਗਰ, ਖੇਤੀਬਾੜੀ ਨਾਲ ਲਾਹੇਵੰਦ ਸਹਾਇਕ ਧੰਦੇ ਅਪਣਾਉਣਾ ਅੱਜ ਦੇ ਸਮੇਂ ਦੀ ਲੋੜ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਜਾਈ ਯੋਜਨਾ ਅਤੇ ਆਤਮਾ ਸਕੀਮ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ, ਫ਼ਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਨਾ ਲਗਾਉਣਾ ਅਤੇ ਪਾਣੀ ਦੀ ਸੁੱਚਜੀ ਵਰਤੋਂ ਸਬੰਧੀ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਕਿਸਾਨਾਂ ਨੂੰ ਆਪਣੇ ਖਰਚਿਆਂ ’ਤੇ ਵੀ ਕਾਬੂ ਪਾਉਣਾ ਚਾਹੀਦਾ ਹੈ ਤਾਂ ਜੋ ਕਿਸਾਨ ਕਰਜ਼ਿਆਂ ਦੇ ਦਬਾਅ ਹੇਠ ਨਾ ਆਵੇ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਦੇਸ਼ ਵਿੱਚ ਅਨਾਜ ਦੀ ਕਮੀ ਆ ਗਈ ਤੇ ਕੇਂਦਰ ਸਰਕਾਰ ਨੇ ਖੇਤੀਬਾੜੀ ਨੂੰ ਪ੍ਰਫੁੱਲਤ ਕਰਨ ਦਾ ਪਾਇਲਟ ਪ੍ਰਾਜੈਕਟ ਪੰਜਾਬ ਨੂੰ ਸੌਂਪਣ ਦਾ ਫ਼ੈਸਲਾ ਲਿਆ। ਉਸ ਸਮੇਂ ਸੂਬੇ ਦੇ ਲੋਕਾਂ ਨੇ ਚੁਣੌਤੀ ਨੂੰ ਸਵੀਕਾਰ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਦੀ ਬਦੌਲਤ ਹਰੀ ਕਰਾਂਤੀ ਲਿਆਂਦੀ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਅਤੇ ਸੂਬੇ ਵਿੱਚ ਖੁਸ਼ਹਾਲੀ ਆਈ, ਪਰ ਮੌਜੂਦਾ ਸਮੇਂ ਵਿੱਚ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਕਿਸਾਨਾਂ ਦੀ ਆਮਦਨ ਵਿੱਚ ਖੜੌਤ ਆਈ ਅਤੇ ਹੁਣ ਖੇਤੀ ਇੰਨਾ ਲਾਹੇਵੰਦ ਧੰਦਾ ਨਹੀਂ ਰਿਹਾ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਲਖਮੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਮੁੱਖ ਧੰਦਾ ਖੇਤੀਬਾੜੀ ਹੈ ਜੋ ਕਿ ਅਸਾਨ ਕੰਮ ਨਹੀਂ ਹੈ ਇਸ ਲਈ ਕਿਸਾਨਾਂ ਨੂੰ ਗਿਆਨ ਦੀ ਲੋੜ ਹੈ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਯੁਕਤ ਡਾਇਰੈਕਟਰ ਖੇਤੀਬਾੜੀ ਰਾਜੇਸ਼ ਵਸ਼ਿਸ਼ਟ ਨੇ ਸੂਬੇ ਵਿਚ ਚੱਲ ਰਹੀਆਂ ਖੇਤੀਬਾੜੀ ਗਤੀਵਿਧੀਆਂ ਬਾਰੇ ਚਾਨਣਾ ਪਾਇਆ।