ਨਕੋਦਰ ਬੇਅਦਬੀ ਕਾਂਡ ਦਾ ਮਾਮਲਾ ਯੂਐੱਨਓ ਪੁੱਜਾ

05

October

2018

ਜਲੰਧਰ, ਨਕੋਦਰ ਬੇਅਦਬੀ ਕਾਂਡ ਦਾ ਮਾਮਲਾ ਯੂਐੱਨਓ ’ਚ ਪਹੁੰਚ ਗਿਆ ਹੈ। ਇਸ ਕਾਂਡ ’ਚ ਪੁਲੀਸ ਵੱਲੋਂ ਚਲਾਈ ਗਈ ਗੋਲੀ ਕਾਰਨ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਵਿੱਚੋਂ ਇਕ ਨੌਜਵਾਨ ਦੇ ਮਾਪਿਆਂ ਨੇ ਯੂਐੱਨਓ ਨੂੰ ਪੱਤਰ ਲਿਖ ਕੇ 32 ਸਾਲ ਪਹਿਲਾਂ ਨਕੋਦਰ ਵਿੱਚ ਵਾਪਰੇ ਇਸ ਗੋਲੀ ਕਾਂਡ ਲਈ ਇਨਸਾਫ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਗੋਲੀ ਕਾਂਡ ’ਚ ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਲਮਣ ਸਿੰਘ ਗੋਰਸੀਆਂ ਅਤੇ ਹਰਮਿੰਦਰ ਸਿੰਘ ਸ਼ਹੀਦ ਹੋਏ ਸਨ। ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਤੇ ਮਾਤਾ ਬਲਦੀਪ ਕੌਰ ਨੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਇਸ ਪੱਤਰ ਵਿੱਚ ਮੰਗ ਕੀਤੀ ਹੈ ਕਿ 4 ਫਰਵਰੀ 1986 ਨੂੰ ਨਕੋਦਰ ’ਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਚਾਰ ਨੌਜਵਾਨਾਂ ਨੂੰ ਪੁਲੀਸ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਸ਼ਹੀਦ ਕਰ ਦਿੱਤਾ ਸੀ ਤੇ ਉਨ੍ਹਾਂ ਨੂੰ ਅਜੇ ਤੱਕ ਇਸ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਿਆ। ਰਵਿੰਦਰ ਸਿੰਘ ਲਿੱਤਰਾਂ ਦੇ ਮਾਪਿਆਂ ਨੇ ਅਮਰੀਕਾ ਤੋਂ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੀ ਪੁੱਛਣਗੇ ਕਿ ਕੀ ਉਨ੍ਹਾਂ ਨੇ ਯੂਐੱਨਓ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਕੋਲ ਨਕੋਦਰ ਬੇਅਦਬੀ ਕਾਂਡ ਦਾ ਮਾਮਲਾ ਉਠਾਇਆ ਸੀ ਜਿਸ ਦੌਰਾਨ 2 ਫਰਵਰੀ 1986 ਨੂੰ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਸੜ ਗਏ ਸਨ।