ਬੱਚਿਆਂ ਦਾ ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ: ਮਜੀਠੀਆ

31

July

2019

ਰਾਜਪੁਰਾ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਆਗੂਆਂ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਵਿਧਾਇਕ ਹਰਿੰਦਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਪਿੰਡ ਖੇੜੀ ਗੰਡਿਆਂ ਦੇ ਲਾਪਤਾ ਹੋਏ ਬੱਚਿਆਂ ਜਸ਼ਨਦੀਪ ਸਿੰਘ ਅਤੇ ਹਸ਼ਨਦੀਪ ਸਿੰਘ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਮਜੀਠੀਆ ਨੇ ਆਖਿਆ ਕਿ ਬੱਚਿਆਂ ਨੂੰ ਲੱਭਣ ਵਿਚ ਪੁਲੀਸ ਪ੍ਰਸ਼ਾਸਨ ਵੱਲੋਂ ਵਰਤੀ ਗਈ ਕੁਤਾਹੀ ਦਾ ਮਾਮਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ 2 ਅਗਸਤ ਨੂੰ ਸ਼ੁਰੂ ਹੋਣ ਵਾਲੇ ਸੈਸ਼ਨ ਦੌਰਾਨ ਚੁੱਕਿਆ ਜਾਵੇਗਾ। ਬੱਚਿਆਂ ਦੇ ਮਾਪਿਆਂ ਨੇ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਪ੍ਰਤੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਆਖਿਆ ਕਿ ਜਿਸ ਦਿਨ ਬੱਚੇ ਲਾਪਤਾ ਹੋਏ ਸਨ, ਜੇ ਪੁਲੀਸ ਤੁਰੰਤ ਕਾਰਵਾਈ ਕਰਦੀ ਤਾਂ ਅੱਜ ਸਥਿਤੀ ਹੋਰ ਹੋਣੀ ਸੀ। ਅਕਾਲੀ ਆਗੂ ਨੇ ਆਖਿਆ ਕਿ ਜਦੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਵਿਚ ਕਾਨੂੰਨ ਦੀ ਸਥਿਤੀ ਇੰਨੀ ਵਿਗੜ ਚੁੱਕੀ ਹੈ ਤਾਂ ਪੰਜਾਬ ਦੇ ਹੋਰਨਾਂ ਹਿੱਸਿਆਂ ਬਾਰੇ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲਾਪਤਾ ਬੱਚਿਆਂ ਨੂੰ ਲੱਭਣ ਵਿਚ ਕੁਤਾਹੀ ਵਿਖਾਉਣ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਕਰੀਬ ਅੱਧਾ ਦਰਜਨ ਪਿੰਡ ਵਾਸੀਆਂ ਨੇ ਸ੍ਰੀ ਮਜੀਠੀਆ ਨੂੰ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ’ਚ ਬਿਨਾਂ ਕਿਸੇ ਸ਼ਿਕਾਇਤ ਤੋਂ ਹੀ ਪੁਲੀਸ ਹਿਰਾਸਤ ਵਿਚ ਰੱਖਿਆ ਗਿਆ, ਜਿਸ ’ਤੇ ਸ੍ਰੀ ਮਜੀਠੀਆ ਨੇ ਆਖਿਆ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸਗੋਂ ਪੁਲੀਸ ਨੂੰ ਅਸਲ ਮੁਲਜ਼ਮਾਂ ਨੂੰ ਕਾਬੂ ਕਰ ਕੇ ਲਾਪਤਾ ਬੱਚਿਆਂ ਦੀ ਸਲਾਮਤੀ ਯਕੀਨੀ ਬਣਾਉਣੀ ਚਾਹੀਦੀ ਹੈ। ਲਾਪਤਾ ਬੱਚਿਆਂ ਦਾ ਨਾ ਮਿਲਣਾ ਸਰਕਾਰੀਤੰਤਰ ਦੀ ਨਾਕਾਮੀ ਦਾ ਸਬੂਤ: ਅਮਨ ਅਰੋੜਾ ਰਾਜਪੁਰਾ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅੋਰੜਾ ਹਫ਼ਤਾ ਪਹਿਲਾਂ ਲਾਪਤਾ ਹੋਏ ਪਿੰਡ ਖੇੜੀ ਗੰਡਿਆਂ ਦੇ ਬੱਚਿਆਂ ਜਸ਼ਨਦੀਪ ਸਿੰਘ ਅਤੇ ਹਸ਼ਨਦੀਪ ਸਿੰਘ ਦੇ ਮਾਪਿਆਂ ਨੂੰ ਮਿਲੇ ਤੇ ਬੱਚਿਆਂ ਨੂੰ ਲੱਭਣ ਵਿਚ ਨਾਕਾਮ ਰਹਿਣ ’ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਉਂਗਲ ਚੁੱਕੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿਚ ਸੁਧਾਰ ਕਰਨ ਵਿਚ ਨਾਕਾਮ ਰਹੀ ਹੈ, ਜਿਸ ਕਾਰਨ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਸ੍ਰੀ ਅਰੋੜਾ ਨੇ ਆਖਿਆ ਕਿ ਪੰਜਾਬ ਵਿਚ ਨਿੱਤ ਵਾਪਰ ਰਹੀਆਂ ਬੱਚਿਆਂ ਨੂੰ ਅਗਵਾ ਕਰਨ ਦੀਆਂ ਘਟਨਾਵਾਂ ਸਮੁੱਚੇ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਪਿੰਡ ਖੇੜੀ ਗੰਡਿਆਂ ਦੇ ਮਜ਼ਦੂਰ ਪਰਿਵਾਰ ਦੇ ਦੋ ਬੱਚਿਆਂ ਦਾ ਭੇਤਭਰੀ ਹਾਲਤ ਵਿਚ ਲਾਪਤਾ ਹੋਣਾ ਅਤੇ ਇਨ੍ਹਾਂ ਬੱਚਿਆਂ ਨੂੰ ਲੱਭਣ ਵਿਚ ਪ੍ਰਸ਼ਾਸਨ ਦਾ ਨਾਕਾਮ ਰਹਿਣਾ ਮਾੜੇ ਰਾਜ ਪ੍ਰੰਬਧ ਦਾ ਨਮੂਨਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲਾਪਤਾ ਬੱਚਿਆਂ ਦੀ ਸਹੀ ਸਲਾਮਤ ਵਾਪਸੀ ਯਕੀਨੀ ਬਣਾਈ ਜਾਵੇ।