ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਦਿੱਗਜ ਨੇਤਾਵਾਂ ਨੇ ਦਿੱਤੀ ਸ਼ਰਧਾਂਜ਼ਲੀ , 3 ਵਜੇ ਹੋਵੇਗਾ ਸਸਕਾਰ

07

August

2019

ਨਵੀਂ ਦਿੱਲੀ : ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਮੰਗਲਵਾਰ ਦੇਰ ਰਾਤ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ‘ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ,ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਖ਼ਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਮੁਤਾਬਕ ਸੁਸ਼ਮਾ ਸ‍ਵਰਾਜ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਰੱਖਿਆ ਗਿਆ ਹੈ, ਜਿੱਥੇ ਅੰਤਿਮ ਦਰਸ਼ਨ ਦਾ ਸਿਲਸਿਲਾ ਜਾਰੀ ਹੈ। ਅੱਜ ਦੁਪਹਿਰ 12 ਵਜੇ ਮ੍ਰਿਤਕ ਦੇਹ ਨੂੰ ਬੀਜੇਪੀ ਦਫ਼ਤਰ ‘ਤੇ ਅੰਤਿਮ ਦਰਸ਼ਨ ਲਈ ਰੱਖਿਆ ਜਾਵੇਗਾ ਅਤੇ ਦੁਪਹਿਰ 3 ਵਜੇ ਤੋਂ ਬਾਅਦ ਦਿੱਲੀ ਦੇ ਲੋਧੀ ਰੋਡ ਸਥਿਤ ਸ਼ਵਦਾਹ ਘਰ ‘ਤੇ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਭਾਜਪਾ ਦੀ ਦਿੱਗਜ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਆਖ਼ਰੀ ਦਰਸ਼ਨ ਕੀਤੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾ ਹੈ। ਲੋਕ ਸਭਾ ਸਪੀਕਰ ਓਮ ਬਿੜਲਾ ਨੇ ਵੀ ਸੁਸ਼ਮਾ ਸਵਰਾਜ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ ਅਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਭਾਵੁਕ ਵੀ ਹੋ ਗਏ। ਇਸ ਦੇ ਇਲਾਵਾ ਕਾਂਗਰਸ ਨੇਤਾ ਸੋਨੀਆ ਗਾਂਧੀ ,ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ ਹੈ।