ਸੁਸ਼ਮਾ ਸਵਰਾਜ ਦੇ ਦਿਹਾਂਤ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਗਹਿਰਾ ਦੁੱਖ ,ਕੀਤਾ ਇਹ ਭਾਵੁਕ ਟਵੀਟ

07

August

2019

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਵਿਦੇਸ਼ ਮੰਤਰੀ ਤੇ ਭਾਜਪਾ ਆਗੂ ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਆਪਣੇ ਟਵਿੱਟਰ ਖਾਤੇ ‘ਤੇ ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟਾਇਆ ਹੈ। ਕੈਪਟਨ ਨੇ ਟਵੀਟ ਕਰਦਿਆਂ ਲਿਖਿਆ – ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਜੀ ਦੇ ਅਚਾਨਕ ਦਿਹਾਂਤ ਦੀ ਖ਼ਬਰ ਸੁਣ ਕੇ ਮਨ ਉਦਾਸ ਹੈ… ਯਕੀਨ ਨਹੀਂ ਹੋ ਰਿਹਾ ਕਿ ਉਹ ਸਾਡੇ ਵਿੱਚ ਨਹੀਂ ਰਹੇ। ਮੈਂ ਹਮੇਸ਼ਾ ਉਨ੍ਹਾਂ ਦੇ ਕੰਮ ਤੇ ਆਮ ਲੋਕਾਂ ਦੀ ਮਦਦ ਕਰਨ ਦੇ ਉਨ੍ਹਾਂ ਦੇ ਵਰਤੀਰੇ ਤੋਂ ਪ੍ਰਭਾਵਿਤ ਹੋਇਆ ਹਾਂ, ਉਹ ਇੱਕ ਬਹੁਤ ਵਧੀਆ ਲੀਡਰ ਤੇ ਇਨਸਾਨ ਸਨ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਣਾਂ ਵਿੱਚ ਥਾਂ ਦੇਣ ਤੇ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ। ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਮੰਗਲਵਾਰ ਦੇਰ ਰਾਤ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ‘ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ,ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਸ਼ਾਮ 7:23 ਮਿੰਟ ‘ਤੇ ਦਿਹਾਂਤ ਤੋਂ 3 ਘੰਟੇ ਪਹਿਲਾਂ ਆਪਣਾ ਆਖਰੀ ਟਵੀਟ ਕੀਤਾ ਸੀ ,ਜਿਸ ‘ਚ ਉਨ੍ਹਾਂ ਨੇ ਧਾਰਾ 370 ਹੱਟਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵਿੱਟਰ ‘ਤੇ ਟਵੀਟ ਕਰਕੇ ਵਧਾਈ ਦਿੱਤੀ ਅਤੇ ਕਿਹਾ ਪ੍ਰਧਾਨ ਮੰਤਰੀ ਜੀ ਤੁਹਾਡਾ ਤਹਿ ਦਿਲੋਂ ਧੰਨਵਾਦ, ਮੈ਼ ਆਪਣੀ ਜੀਵਨ ‘ਚ ਇਸ ਦਿਲ ਨੂੰ ਦੇਖਣ ਦੀ ਉਡੀਕ ਕਰ ਰਹੀ ਸੀ।