ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲ ਕਾਲਜ ਬੰਦ

13

August

2019

ਚੰਡੀਗੜ੍ਹ : ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ 500 ਸਾਲ ਪੁਰਾਣੇ ਮੰਦਿਰ ਨੂੰ ਢਾਹੁਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਭਾਰਤ ਬੰਦ ਦੇ ਸੱਦੇ ਨੂੰ ਮੁੱਖ ਰੱਖਦੇ ਹੋਏ ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ,ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ – ਕਾਲਜ ਤੇ ਹੋਰ ਵਿੱਦਿਅਕ ਸੰਸਥਾਵਾਂ ‘ਚ ਪ੍ਰਬੰਧਕੀ ਕਾਰਨ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਹੋਇਆ ਹੈ। ਸੁਰੱਖਿਆ ਦੇ ਮਦੇਨ਼ਜਰ ਡੀਸੀ ਜਲੰਧਰ ਵੱਲੋਂ ਇਹ ਆਦੇਸ਼ ਦਿਤੇ ਗਏ ਹਨ। ਕਪੂਰਥਲਾ ਜ਼ਿਲ੍ਹੇ ਦੇ ਡੀਸੀ ਨੇ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਡੀ ਸੀ ਨੇ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਗੁਰਦਾਸਪੁਰ ਦੇ ਡੀਸੀ ਨੇ ਵੀ ਮੰਗਲਵਾਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਮੁਖੀ ਸਤਵਿੰਦਰ ਸਿੰਘ ਹੀਰਾ ਤੇ ਸਾਧੂ ਸਮਾਜ ਦੇ ਮੁਖੀ ਸੰਤ ਸਰਵਣ ਦਾਸ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਅਤੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਪਿਛਲੇ ਕਈ ਦਿਨਾਂ ਤੋਂ ਵੱਖ -ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਸੜਕਾਂ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ।