ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ ‘ਚ ਅੱਜ ਪੰਜਾਬ ਬੰਦ , ਨਹੀਂ ਖੁੱਲ੍ਹੇ ਬਜ਼ਾਰ

13

August

2019

ਚੰਡੀਗੜ੍ਹ : ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ 500 ਸਾਲ ਪੁਰਾਣੇ ਮੰਦਿਰ ਨੂੰ ਢਾਹੁਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹੇ ਵਿਚ ਪੈਂਦੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਵਿਦਿਅਕ ਅਦਾਰੇ, ਕਾਲਜ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਮੁਖੀ ਸਤਵਿੰਦਰ ਸਿੰਘ ਹੀਰਾ ਤੇ ਸਾਧੂ ਸਮਾਜ ਦੇ ਮੁਖੀ ਸੰਤ ਸਰਵਣ ਦਾਸ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਅਤੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਪਿਛਲੇ ਕਈ ਦਿਨਾਂ ਤੋਂ ਵੱਖ -ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਸੜਕਾਂ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ।