ਜ਼ਿਮਨੀ ਚੋਣਾਂ 2019 : ਇਹ ਦਸਤਾਵੇਜ਼ ਦਿਖਾ ਕੇ ਵੋਟਰ ਪਾ ਸਕਣਗੇ ਆਪਣੀ ਵੋਟ : ਪੰਜਾਬ ਚੋਣ ਕਮਿਸ਼ਨ

16

October

2019

ਚੰਡੀਗੜ੍ਹ : ਪੰਜਾਬ ’ਚ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਅਖਾੜਾ ਭਖ ਚੁੱਕਿਆ ਹੈ। ਇਸ ਦੇ ਲਈ ਜਿੱਥੇ ਵੱਖ-ਵੱਖ ਪਾਰਟੀਆਂ ਨੇ ਕਮਰ ਕਸ ਲਈ ਹੈ ,ਓਥੇ ਹੀ ਚੋਣ ਕਮਿਸ਼ਨ ਪੰਜਾਬ ਨੇ ਵੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੌਰਾਨ ਇਨ੍ਹਾਂ ਜ਼ਿਮਨੀ ਚੋਣਾਂ ਦੌਰਾਨ ਵੋਟ ਕਰਨ ਸਮੇਂ ਵੋਟਰ ਦੀ ਸਹੀ ਪਛਾਣ ਕਰਨ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੋਟਰ ਫੋਟੋ ਪਛਾਣ ਪੱਤਰ (ਐਪਿਕ ਵੋਟਰ ਆਈਡੀ ਕਾਰਡ) ਤੋਂ ਇਲਾਵਾ ਵੋਟਰ ਪਛਾਣ ਦੇ ਸਬੂਤ ਵਜੋਂ 11 ਹੋਰ ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਛਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼ ਅਤੇ ਐਮਪੀ, ਐਮਐਲਏ ਨੂੰ ਜਾਰੀ ਪਛਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ , ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਜਿਨ੍ਹਾਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ‘ਚ ਕੁੱਲ 33 ਉਮੀਦਵਾਰ ਚੋਣ ਮੈਦਾਨ ਵਿਚ ਹਨ।