ਸ੍ਰੀ ਫਤਿਹਗੜ੍ਹ ਸਾਹਿਬ: ਕੌਮਾਂਤਰੀ ਨਗਰ ਕੀਰਤਨ ਖਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

24

October

2019

ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਇੱਕ ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਵਿਸ਼ਾਲ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚਿਆ। ਜਿਥੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਗਿਆ। ਉੱਥੇ ਹੀ ਅੱਜ ਨਗਰ ਕੀਰਤਨ ਖਾਲਸਈ ਜਾਹੋ ਜਲਾਲ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਗਲੇ ਪੜਾਅ ਲਈ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭਤਾ ਅਰਦਾਸ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵੱਲੋਂ ਕੀਤੀ ਗਈ। ਇਹ ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਬੱਸੀ ਪਠਾਣਾਂ , ਲੁਹਾਰੀ ਕਲਾਂ’ ਸੰਘੋਲ ਉੱਚਾ, ਪਿੰਡ ਰਾਣਵਾਂ, ਖਮਾਣੋਂ, ਸਮਰਾਲਾ, ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਪਹੁੰਚ ਕੇ ਰਾਤ ਦਾ ਵਿਸ਼ਰਾਮ ਕਰੇਗਾ। ਤੁਹਾਨੂੰ ਦੱਸ ਦਈਏ ਕਿ ਪਹਿਲੀ ਅਗਸਤ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ ‘ਚੋਂ ਹੁੰਦਾ ਹੋਇਆ ਪੰਜਾਬ ਪਹੁੰਚ ਚੁੱਕਿਆ ਹੈ, ਜਿਥੇ ਸੰਗਤਾਂ ਵੱਲੋਂ ਥਾਂ-ਥਾਂ ‘ਤੇ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ।