ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ ਗਈ 20 ਡਾਲਰ ਦੀ ਫ਼ੀਸ ਦਾ ਪੰਜਾਬ ਸਰਕਾਰ ਕਰੇ ਭੁਗਤਾਨ : ਸੁਖਬੀਰ ਬਾਦਲ

29

October

2019

ਸ੍ਰੀ ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ ਗਈ 20 ਡਾਲਰ ਦੀ ਫ਼ੀਸ ਦਾ ਪੰਜਾਬ ਸਰਕਾਰ ਭੁਗਤਾਨ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੀਰਥ ਯਾਤਰਾ ਸਕੀਮ ਨੂੰ ਮੁੜ ਚਾਲੂ ਕਰੇ। ਸੁਖਬੀਰ ਬਾਦਲ ਨੇ ਕਿਹਾ ਕਿ ਸਾਂਝੇ ਸਮਾਗਮਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਹੋਵੇ ਅਤੇ ਧਾਰਮਿਕ ਸਮਾਗਮਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਅਗਵਾਈ ਕਰਦੀ ਹੈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇਪੰਜਾਬ ਅੰਦਰ ਹੋਈਆਂ ਜ਼ਿਮਨੀ ਚੋਣਾਂ ‘ਤੇ ਵੀ ਕਾਂਗਰਸ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ‘ਚ ਕੋਈ ਕੰਮ ਨਹੀਂ ਕੀਤਾ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੰਜਾਬ ਸਰਕਾਰ ਪੂਰਾ ਕਰੇ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ‘ਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਹੋਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਮਨੀ ਚੋਣਾਂ ‘ਚ ਸਪੋਰਟ ਕਰਨ ਲਈ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ ਦਾ ਸਫ਼ਾਇਆ ਕਰੇਗੀ।