550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

30

October

2019

ਚੰਡੀਗੜ੍ਹ : ਹਲਕਾ ਦਾਖਾ ਦੀ ਜ਼ਿਮਨੀ ਚੋਣ ‘ਚ ਜਿੱਤ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਦੇ ਤੌਰ ‘ਤੇ ਸਹੁੰ ਚੁੱਕੀ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਨਵੇਂ ਚੁਣੇ ਗਏ ਵਿਧਾਇਕ ਮਨਪ੍ਰੀਤ ਇਆਲੀ ਨੂੰ ਆਪਣੇ ਚੈਂਬਰ ‘ਚ ਸਹੁੰ ਚੁਕਾਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 6 ਨਵੰਬਰ ਨੂੰ ਕਰਵਾਇਆ ਜਾਵੇਗਾ। ਇਹ ਇਜਲਾਸ ਸਿਰਫ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਫਲਸਫੇ ਤੇ ਬਾਣੀ ਨੂੰ ਸਮਰਪਿਤ ਹੋਵੇਗਾ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸਮੇਤ ਹੋਰ ਵੀ ਕਈ ਸ਼ਖ਼ਸੀਅਤਾਂ ਇਸ ਮੌਕੇ ਹਾਜ਼ਰ ਹੋਣਗੀਆਂ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਕੋਲ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਵਿਚ ਲੀਡਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਪਸ਼ਟ ਕੀਤਾ ਕਿ ਇਸ ਪਵਿੱਤਰ ਇਕ ਦਿਨ ਦੇ ਸਪੈਸ਼ਲ ਇਜਲਾਸ ਮੌਕੇ ਨਾ ਸ਼ਰਧਾਂਜਲੀਆਂ ਨਾ ਹੀ ਪ੍ਰਸ਼ਨ ਕਾਲ ਅਤੇ ਨਾ ਹੀ ਸਿਫ਼ਰ ਕਾਲ ਹੋਵੇ। ਉਨ੍ਹਾਂ ਕਿਹਾ ਕਿ ਇਸ ਮਹਾਨ ਦਿਹਾੜੇ ਕਿਸੇ ਕਿਸਮ ਦੀ ਸਿਆਸਤ ਨਹੀਂ ਹੋਣੀ ਚਾਹੀਦੀ , ਕੇਵਲ ਗੁਰੂ ਨਾਨਕ ਦੇਵ ਜੀ ਵਲੋਂ ਦਿਤੇ ”ਸਭੈ ਸਾਂਝੀਵਾਲ ਸਦਾਇਨ-ਕੋਈ ਨਾ ਦਿਸੈ ਬਾਹਰਾ ਜੀਉ” ਦੇ ਸਮਾਜਕ ਤੇ ਧਾਰਮਕ ਸੰਦੇਸ਼ ਬਾਰੇ ਭਾਸ਼ਣ ਲੋੜੀਂਦੇ ਹਨ।