ਡੇਰਾ ਬਾਬਾ ਨਾਨਕ: ਗੁਰੂ ਜੀ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਸਕੋ ਦਾ ਉਪਦੇਸ਼ ਦਿੱਤਾ: PM ਮੋਦੀ

09

November

2019

ਡੇਰਾ ਬਾਬਾ ਨਾਨਕ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਸਿੱਖ ਸੰਗਤਾਂ ਦੀਆ ਅਰਦਾਸਾਂ ਪੂਰੀਆਂ ਹੋਣ ਜਾ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦਾ ਉਦਘਾਟਨ ਕਰਨਗੇ। ਲਾਂਘੇ ਦੇ ਉਦਘਾਟਨ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਡੇਰਾ ਬਾਬਾ ਨਾਨਕ ਵਿਖੇ ਅਰਦਾਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ PM ਮੋਦੀ ਨੇ ਦੁਨੀਆ ਭਰ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਵਧਾਈ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਇਸ ਸ਼ੁਭ ਅਵਸਰ ‘ਤੇ ਆ ਕੇ ਮੈਂ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਿਹਾ ਹਾਂ। ਉਥੇ ਹੀ PM ਮੋਦੀ ਨੇ ਕਿਹਾ ਕਿ ਲਾਂਘਾ ਖੁੱਲ੍ਹਣ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਸੌਖੇ ਹੋ ਗਏ ਹਨ ਤੇ ਹੁਣ ਦੁਨੀਆ ਭਰ ‘ਚ ਰਹਿੰਦੇ ਸਿੱਖ ਸ਼ਰਧਾਲੂ ਆਸਾਨੀ ਨਾਲ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰ ਸਕਣਗੇ। ਉਹਨਾਂ ਕਿਹਾ ਕਿ ਅੱਜ ਇਸ ਧਰਤੀ ਪਹੁੰਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਨੂੰ “ਕੌਮੀ ਸੇਵਾ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ ਹੈ ਤੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਤੇ ਇਸ ਪੁਰਸਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ‘ਚ ਸਮਰਪਿਤ ਕਰਦਾ ਹਾਂ। ਅੱਗੇ ਉਹਨਾਂ ਨੇ ਗੁਰੂ ਸਾਹਿਬ ਵਾਰੇ ਗੱਲ ਕਰਦਿਆਂ ਕਿਹਾ ਕਿ ਬਾਬੇ ਨਾਨਕ ਨੇ ਕਿਰਤ ਕਰੋ ,ਵੰਡ ਸਕੋ ਦਾ ਸੁਨੇਹਾ ਲੋਕਾਂ ਨੂੰ ਦਿੱਤਾ ਸੀ। ਉਨ੍ਹਾਂ ਨੇ ਜ਼ੁਲਮ ਦੇ ਖਿਲਾਫ਼ ਲੜਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਸੀ ਅਤੇ ਸਾਰੇ ਧਰਮਾਂ ਦਾ ਸਤਿਕਾਰ ਅਤੇ ਆਪਸੀ ਪਿਆਰ ਬਣਾ ਕੇ ਰੱਖਣ ਲਈ ਕਿਹਾ ਸੀ। ਉਹਨਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਹੀ ਨਹੀਂ ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾ ਦੇ ਪੁੰਜ ਹਨ। ਇਸ ਸਮਾਗਮ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਰਾਜਪਾਲ ਪੰਜਾਬ ਵੀ.ਪੀ .ਸਿੰਘ ਬਦਨੌਰ , ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ , ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਮੌਜੂਦ ਰਹੇ। ਜ਼ਿਕਰ ਏ ਖਾਸ ਹੈ ਕਿ ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਜਾ ਰਿਹਾ ਹੈ। ਜਿਸ ਦੌਰਾਨ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਅੱਜ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ।