ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 ਨੂੰ ਲੋਕ ਸਭਾ ‘ਚ ਪੇਸ਼ ਕਰਨ ਦਾ ਰੱਖਿਆ ਪ੍ਰਸਤਾਵ ,ਵੋਟਿੰਗ ਤੋਂ ਬਾਅਦ ਹੋਇਆ ਪੇਸ਼

09

December

2019

ਨਵੀਂ ਦਿੱਲੀ : ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ‘ਚ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ ਹੈ। ਜਿਸ ਤੋਂ ਬਾਅਦ ਲੋਕ ਸਭਾ ‘ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ ਲੈ ਕੇ ਵੋਟਿੰਗ ਕਰਾਈ ਗਈ ਹੈ।ਇਹ ਬਿਲ 2014 ਤੇ 2019 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਦਾ ਚੋਣ ਵਾਅਦਾ ਸੀ। ਇਸ ਦੌਰਾਨ ਇਸ ਬਿੱਲ ਦੇ ਪੱਖ 293 ਮੈਂਬਰਾਂ ਨੇ ਵੋਟ ਕੀਤੀ ਹੈ। ਉੱਥੇ ਹੀ ਇਸ ਬਿੱਲ ਦੇ ਵਿਰੋਧ ‘ਚ 82 ਵੋਟਾਂ ਪਈਆਂ ਹਨ। ਇਸ ਵੋਟਿੰਗ ਤੋਂ ਬਾਅਦ ਇਹ ਬਿੱਲ ਲੋਕ ਸਭਾ ‘ਚ ਪੇਸ਼ ਹੋ ਗਿਆ ਹੈ। ਇਸ ਬਿਲ ਨੂੰ ਪੇਸ਼ ਕਰਦਿਆਂ ਹੀ ਸਦਨ ’ਚ ਕਾਂਗਰਸ ਪਾਰਟੀ ਦੇ ਆਗੂ ਅਧੀਰ ਰੰਜਨ ਚੌਧਰੀ ਤੇ ਅਮਿਤ ਸ਼ਾਹ ਵਿਚਾਲੇ ਬਹਿਸ ਹੋਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 ‘ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ ? ਉਨ੍ਹਾਂ ਕਿਹਾ ਕਿ ਕਾਂਗਰਸ ਨੇ ਧਰਮ ਦੇ ਆਧਾਰ ‘ਤੇ ਦੇਸ਼ ਦੀ ਵੰਡ ਕੀਤੀ। ਜੇਕਰ ਕਾਂਗਰਸ ਅਜਿਹਾ ਨਾ ਕਰਦੀ ਤਾਂ ਇਸ ਬਿੱਲ ਦੀ ਲੋੜ ਨਹੀਂ ਪੈਂਦੀ ਸੀ। ਦੱਸ ਦੇਈਏ ਕਿ ਅੱਜ ਸਦਨ ’ਚ ਪੇਸ਼ ਕੀਤੇ ਇਸ ਬਿਲ ਵਿੱਚ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗ਼ਾਨਿਸਤਾਨ ’ਚ ਧਾਰਮਿਕ ਆਧਾਰ ’ਤੇ ਤਸ਼ੱਦਦ ਕਾਰਨ 31 ਦਸੰਬਰ 2014 ਤੱਕ ਭਾਰਤ ਆਏ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਤੇ ਈਸਾਈ ਫਿਰਕੇ ਦੇ ਲੋਕਾਂ ਨੂੰ ਨਾਜਾਇਜ਼ ਸ਼ਰਨਾਰਥੀ ਨਹੀਂ ਮੰਨਿਆ ਜਾਵੇਗਾ, ਸਗੋਂ ਉੇਨ੍ਹਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ। ਇਸ ਵਿੱਚ ਛੇ ਦਹਾਕੇ ਪੁਰਾਣੇ ਨਾਗਰਿਕਤਾ ਕਾਨੂੰਨ ਵਿੱਚ ਸੋਧ ਦੀ ਗੱਲ ਹੈ ਤੇ ਇਸ ਤੋਂ ਬਾਅਦ ਇਸ ’ਤੇ ਚਰਚਾ ਹੋਵੇਗੀ ਅਤੇ ਇਸ ਨੂੰ ਪਾਸ ਕਰਵਾਇਆ ਜਾਵੇਗਾ।