ਕੌਮਾਂਤਰੀ ਕਬੱਡੀ ਟੂਰਨਾਮੈਂਟ 2019 : ਅੱਜ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਫਾਈਨਲ ਮੈਚ , ਜਾਣੋਂ ਕਿਹੜੀਆਂ ਟੀਮਾਂ ਭਿੜਨਗੀਆਂ

10

December

2019

ਡੇਰਾ ਬਾਬਾ ਨਾਨਕ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚ ਕਰਵਾਏ ਜਾ ਰਹੇ ਹਨ। ਅੱਜ ਕੌਮਾਂਤਰੀ ਕਬੱਡੀ ਕੱਪ ਦਾ ਫਾਈਨਲ ਮੈਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਖੇਡਿਆ ਜਾਵੇਗਾ। ਜਿੱਥੇ ਅੱਜ ਭਾਰਤ ਅਤੇ ਕੈਨੇਡਾ ਦੀਆਂ ਟੀਮਾਂ ਮੈਦਾਨ ‘ਚ ਭਿੜਨਗੀਆਂ। ਇਸ ਤੋਂ ਪਹਿਲਾਂ ਕੌਮਾਂਤਰੀ ਕਬੱਡੀ ਕੱਪ ਦੇ 2 ਸੈਮੀਫਾਈਨਲ ਮੈਚ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਖੇਡੇ ਗਏ ਸਨ। ਜਿਸ ਵਿੱਚ ਭਾਰਤ ਨੇ ਅਮਰੀਕਾ ਨੂੰ ਅਤੇ ਕੈਨੇਡਾ ਨੇ ਇੰਗਲੈਂਡ ਨੂੰ ਸੈਮੀਫਾਈਨਲ ਮੈਚਾਂ ‘ਚ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ ਲਈ ਸੀ। ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ।ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟਰੇਲੀਆ ਅਤੇ ਸ਼੍ਰੀਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਸੀ।ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਇਸ ਟੂਰਨਾਮੈਂਟ ਦਾ ਰੋਜ਼ਾਨਾ ਸਿੱਧਾ ਪ੍ਰਸਾਰਣ ਪੀਟੀਸੀ. ਨੈੱਟਵਰਕ ਦੁਆਰਾ ਕੀਤਾ ਜਾ ਰਿਹਾ ਹੈ। ਜਿਸ ਦੇ ਨਾਲ ਲੋਕ ਆਪਣੇ ਘਰਾਂ ਵਿੱਚ ਬੈਠੇ ਵੀ ਕਬੱਡੀ ਦਾ ਆਨੰਦ ਮਾਣ ਰਹੇ ਹਨ।