ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦਾ ਦੂਜੇ ਦਿਨ ਵੀ ਧਰਨਾ ਜਾਰੀ ,ਕੱਢਿਆ ਕੈਂਡਲ ਮਾਰਚ

11

December

2019

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਦੁਸ਼ਹਿਰੇ ਮੌਕੇ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦਾ ਅੱਜ ਦੂਜੇ ਦਿਨ ਵੀ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਧਰਨਾ ਜਾਰੀ ਹੈ। ਇਸ ਦੌਰਾਨ ਰੇਲ ਹਾਦਸੇ ਦੇ ਪੀੜਤਾਂ ਨੇ ਸ਼ਾਮ ਨੂੰ ਕੈਂਡਲ ਮਾਰਚ ਕੱਢਿਆ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪੀੜਤ ਪਰਿਵਾਰ ਸ਼ਾਮਿਲ ਸਨ।ਉਨ੍ਹਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਇਸ ਦੌਰਾਨ ਪੀੜਤ ਪਰਿਵਾਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੀ ਪੂਰਤੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਇੱਕ ਪਰਿਵਾਰਿਕ ਮੈਂਬਰ ਨੂੰ ਨੌਕਰੀ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰਾਂ ਦਾ ਦੋਸ਼ ਹੈ ਕਿ 22 ਘੰਟੇ ਬੀਤਣ ਦੇ ਬਾਵਜੂਦ ਵੀ ਕੋਈ ਮੰਤਰੀ ਜਾਂ ਪ੍ਰਸ਼ਾਸ਼ਨਿਕ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ। ਦੱਸ ਦੇਈਏ ਕਿ ਪਿਛਲੇ ਸਾਲ ਦੁਸਹਿਰੇ ਵਾਲੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜੌੜਾ ਫ਼ਾਟਕ ‘ਤੇ ਜੋ ਰੇਲ ਹਾਦਸਾ ਵਾਪਰਿਆ ਸੀ, ਇਸ ਹਾਦਸੇ ਵਿੱਚ ਬਹੁਤ ਸਾਰੇ ਲੋਕ ਮਾਰੇ ਗਏ ਸਨ। ਇਹਨਾਂ ਮਾਰੇ ਗਏ ਲੋਕਾਂ ਵਿੱਚੋਂ ਕੁੱਝ ਪਰਿਵਾਰ ਇਹੋ ਜਿਹੇ ਹਨ, ਜਿਨ੍ਹਾਂ ਦੇ ਅੱਗੇ ਪਿੱਛੇ ਕਮਾਉਣ ਵਾਲਾ ਕੋਈ ਨਹੀਂ ਰਿਹਾ ਸੀ। ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨਾਲ ਜੋ ਵਾਅਦੇ ਕੀਤੇ ਸਨ ,ਉਹ ਅਜੇ ਤੱਕ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।