ਨੌਕਰੀ ਕਰਕੇ ਘਰ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ , 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ

16

December

2019

ਰਾਮਾਂ ਮੰਡੀ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਰਾਮਾਂ ਮੰਡੀ ਤੋਂ ਸਾਹਮਣੇ ਆਇਆ ਹੈ। ਜਿੱਥੇ ਬਠਿੰਡਾ ਜ਼ਿਲ੍ਹੇ ਦੇ ਬੰਗੀ ਰੋਡ ‘ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਨੇੜੇ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ‘ਚ ਇਕ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ‘ਚੋਂ ਦੋ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤੀਸਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਰਾਮਾਂ ਮੰਡੀ ਦੀ ਇਕ ਵੈਲਡਿੰਗ ਵਰਕਸ਼ਾਪ ‘ਚ ਨੌਕਰੀ ਕਰਦੇ ਸਨ ਅਤੇ ਰਾਤ 9 ਵਜੇ ਤੋਂ ਬਾਅਦ ਮੋਟਰਸਾਈਕਲ ‘ਤੇ ਆਪਣੇ ਪਿੰਡ ਬੰਗੀ ਜਾ ਰਹੇ ਸਨ। ਇਸ ਦੌਰਾਨ ਰਸਤੇ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ‘ਤੇ ਡਿੱਗ ਪਿਆ। ਇਸ ਦੌਰਾਨ ਰਵੀ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਰਛਪਾਲ ਵਾਸੀ ਬੰਗੀ ਕਲਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਮੇਲਾ ਸਿੰਘ ਪੁੱਤਰ ਫ਼ੌਜੀ ਸਿੰਘ ਵਾਸੀ ਗੁਰੂਸਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਅੰਬੂਲੈਂਸ ਲੈ ਕੇ ਘਟਨਾ ਸਥਾਨ ‘ਤੇ ਪੁੱਜੇ ਅਤੇ ਤਿੰਨਾਂ ਨੌਜਵਾਨਾਂ ਨੂੰ ਰਾਮਾਂ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰ ਨੇ ਉਕਤ ਦੋ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਨੇ ਦੱਸਿਆ ਕਿ ਵਾਹਨ ਚਾਲਕ ਦੀ ਭਾਲ ਲਈ ਰੋਡ ‘ਤੇ ਵੱਖ-ਵੱਖ ਅਦਾਰਿਆਂ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੇ ਫੁਟੇਜ ਵੇਖੇ ਜਾ ਰਹੇ ਹਨ।