Arash Info Corporation

ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਨਨਕਾਣਾ ਸਾਹਿਬ ਉੱਤੇ ਹਮਲਾ ਕਰਨ ਅਤੇ ਸ਼ਹਿਰ ਦਾ ਨਾਂ ਬਦਲਣ ਦੀਆਂ ਧਮਕੀਆਂ ਦੀ ਕੀਤੀ ਨਿਖੇਧੀ

04

January

2020

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਨਾਬਾਲਿਗ ਸਿੱਖ ਲੜਕੀ ਦੇ ਅਗਵਾਕਾਰਾਂ ਦੀ ਅਗਵਾਈ ਵਾਲੀ ਭੀੜ ਵੱਲੋਂ ਨਨਕਾਣਾ ਸਾਹਿਬ ਗੁਰਦੁਆਰੇ ਉੱਤੇ ਹਮਲਾ ਕਰਨ ਅਤੇ ਪਵਿੱਤਰ ਸ਼ਹਿਰ ਦਾ ਨਾਂ ਬਦਲਣ ਦੀਆਂ ਧਮਕੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਗੁਰਦੁਆਰੇ ਦੀ ਪਰਿਕਰਮਾ ਅੰਦਰ ਜਬਰਦਸਤੀ ਦਖ਼ਲ ਹੋਣ ਦੀ ਕੋਸ਼ਿਸ਼ ਕਰਨ ਅਤੇ ਭੜਕਾਊ ਭਾਸ਼ਣ ਦੇਣ ਵਾਲੀ ਭੀੜ ਨੂੰ ਰੋਕਣ ਦੀ ਥਾਂ ਸਥਾਨਕ ਪ੍ਰਸਾਸ਼ਨ ਮੂਕ ਦਰਸ਼ਕ ਬਣ ਕੇ ਵੇਖਦਾ ਰਿਹਾ। ਉਹਨਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਮਾਮਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਲ ਉਠਾਉਣ ਦੀ ਅਪੀਲ ਕਰਦਾ ਹਾਂ। ਇਹ ਬਹੁਤ ਹੀ ਘਿਨੌਣੀ ਹਰਕਤ ਹੈ ਅਤੇ ਪਾਕਿਸਤਾਨ ਸਰਕਾਰ ਦੀ ਇਹ ਮਨੁੱਖੀ, ਨੈਤਿਕ ਅਤੇ ਸੰਵਿਧਾਨਿਕ ਜ਼ਿੰਮੇਵਾਰੀ ਹੈ ਕਿ ਉਹ ਪਾਕਿਸਤਾਨ ਅੰਦਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਬਾਦਲ ਨੇ ਕਿਹਾ ਕਿ ਇਸ ਮਾਮਲੇ ‘ਚ ਇਨਸਾਫ ਦੇਣ ਲਈ ਪਾਕਿਸਤਾਨ ਸਰਕਾਰ ਨੂੰ ਮੁੱਖ ਦੋਸ਼ੀ ਮੁਹੰਮਦ ਹਸਨ ਖ਼ਿਲਾਫ ਕਾਰਵਾਈ ਕਰਨੀ ਚਾਹੀਦੀ ਹੈ, ਜੋ ਕਿ ਪਹਿਲਾਂ ਨਾਬਾਲਿਗ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰਨ ਅਤੇ ਅੱਜ ਗੁਰਦੁਆਰੇ ਉੱਤੇ ਹਮਲੇ ਦੀ ਅਗਵਾਈ ਕਰਨ ਲਈ ਜ਼ਿੰਮੇਵਾਰ ਸੀ। ਉਹਨਾਂ ਕਿਹਾ ਕਿ ਸਾਫ ਦਿਸਦਾ ਹੈ ਕਿ ਇਹ ਹਮਲਾ ਜਗਜੀਤ ਦੇ ਪਰਿਵਾਰ ਨੂੰ ਖ਼ਤਮ ਕਰਨ ਲਈ ਕੀਤਾ ਗਿਆ ਸੀ, ਕਿਉਂਕਿ ਸਿੱਖ ਲੜਕੀ ਦਾ ਪਿਤਾ ਗੁਰਦੁਆਰੇ ਵਿਚ ਗ੍ਰੰਥੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਇਹ ਡੂੰਘੀ ਚਿੰਤਾ ਵਾਲੀ ਗੱਲ ਹੈ ਕਿ ਅੱਜ ਦੀ ਹਿੰਸਾ ਲਈ ਭੜਕਾਉਣ ਵਾਲਿਆਂ ਨੇ ਆਪਣੀਆਂ ਤਕਰੀਰਾਂ ਵਿਚ ਇਹ ਮੰਗ ਕੀਤੀ ਸੀ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ਉੱਤੇ ਰੱਖਿਆ ਇਸ ਪਵਿੱਤਰ ਸ਼ਹਿਰ ਦਾ ਨਾਂ ਬਦਲ ਕੇ ਗੁਲਾਮ ਅਲੀ ਮੁਸਤਫਾ ਰੱਖਿਆ ਜਾਵੇ। ਸਿੱਖਾਂ ਉੱਤੇ ਹਮਲਾ ਕਰਨ ਅਤੇ ਸਿੱਖ ਧਰਮ ਦਾ ਨਿਰਾਦਰ ਕਰਨ ਵਾਲਿਆਂ ਵਿਰੁੱਧ ਫੌਰੀ ਕਾਰਵਾਈ ਦੀ ਮੰਗ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਘਿਨੌਣੀ ਘਟਨਾ ਨੇ ਸਮੁੱਚੇ ਸਿੱਖ ਭਾਈਚਾਰੇ ਦੇ ਵਿਸ਼ਵਾਸ਼ ਨੂੰ ਸੱਟ ਮਾਰੀ ਹੈ। ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦਾ ਕਾਨੂੰਨ ਅੰਦਰ ਭਰੋਸਾ ਬਹਾਲ ਕਰਨ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।