ਅਮਰੀਕਾ ਆਉਣ ਵਾਲੇ ਸ਼ਰਨਾਰਥੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਦਾ ਸਖਤ ਫੈਸਲਾ

18

September

2018

ਵਾਸ਼ਿੰਗਟਨ — ਟਰੰਪ ਪ੍ਰਸ਼ਾਸਨ ਨੇ ਸੋਮਵਾਰ ਨੂੰ ਫੈਸਲਾ ਕੀਤਾ ਹੈ ਕਿ 2019 'ਚ ਸਿਰਫ 30,000 ਸ਼ਰਨਾਰਥੀਆਂ ਨੂੰ ਅਮਰੀਕਾ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਨੇ ਅਨੁਮਾਨ ਲਾਇਆ ਹੈ ਕਿ ਸਾਲ 2019 ਵਿਚ ਸ਼ਰਨਾਰਥੀਆਂ ਅਤੇ ਸ਼ਰਨ ਮੰਗਣ ਵਾਲਿਆਂ ਦੀ ਤਾਦਾਦ ਵਧ ਕੇ 3,10,000 ਹੋ ਜਾਵੇਗੀ। ਪੋਂਪੀਓ ਨੇ ਕਿਹਾ ਕਿ ਨਵੇਂ ਮਾਪਦੰਡਾਂ ਦੇ ਤਹਿਤ ਅਗਲੇ ਸਾਲ ਅਸੀਂ 30,000 ਸ਼ਰਨਾਰਥੀਆਂ ਨੂੰ ਸ਼ਰਨ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸੰਭਾਵਨਾ ਹੈ ਕਿ ਅਮਰੀਕਾ ਸ਼ਰਨ ਮੰਗਣ ਵਾਲੇ 2,80,000 ਤੋਂ ਵੱਧ ਲੋਕਾਂ ਦੀਆਂ ਅਰਜ਼ੀਆਂ 'ਤੇ ਵੀ ਵਿਚਾਰ ਕਰੇਗਾ। ਪੋਂਪੀਓ ਨੇ ਕਿਹਾ ਕਿ ਅਮਰੀਕਾ ਵਿਚ 8,00,000 ਤੋਂ ਵੱਧ ਅਜਿਹੇ ਲੋਕ ਹਨ, ਜਿਨ੍ਹਾਂ ਨੇ ਦੇਸ਼ 'ਚ ਸ਼ਰਨ ਲੈਣ ਲਈ ਬੇਨਤੀ ਕੀਤੀ ਹੈ ਅਤੇ ਉਨ੍ਹਾਂ ਦੀ ਪ੍ਰਕਿਰਿਆ ਅਜੇ ਪੂਰੀ ਨਹੀਂ ਹੋਈ ਹੈ। ਇੱਥੇ ਦੱਸ ਦੇਈਏ ਕਿ ਸਾਲ 2018 'ਚ ਸ਼ਰਨਾਰਥੀਆਂ ਦੀ ਗਿਣਤੀ 45,000 ਸੀ।