13
October
2018
ਮਾਨਸਾ,
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ’ਚ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੈ ਤੇ ਪਾਰਟੀ ਵੱਲੋਂ ਪਹਿਲਾਂ ਦੀ ਤਰ੍ਹਾਂ ਇਹ ਚੋਣਾਂ ਭਾਜਪਾ ਨਾਲ ਰਲ ਕੇ ਲੜੀਆਂ ਜਾਣਗੀਆਂ। ਬੀਬੀ ਬਾਦਲ ਨੇ ਦੁਹਰਾਇਆ ਕਿ ਜੇਕਰ ਪਾਰਟੀ ਨੇ ਚਾਹਿਆ ਤਾਂ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਚੋਣ ਲੜਨਗੇ ਤੇ ਪਾਰਟੀ ਵਰਕਰਾਂ ਦੇ ਸਾਥ ਨਾਲ ਮੁੜ ਜਿੱਤ ਹਾਸਲ ਕਰਨਗੇ।
ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਚੋਣ ਲੜਨ ਨਾਲ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ ਪਵੇਗਾ, ਭਾਵੇਂ ਸ੍ਰੀ ਕੇਜਰੀਵਾਲ ਤੇ ਕੈਪਟਨ ਇਕੱਠੇ ਚੋਣ ਮੈਦਾਨ ਵਿਚ ਪਾਰਟੀ ਖ਼ਿਲਾਫ਼ ਉਤਰ ਆਉਣ। ਉਨ੍ਹਾਂ ‘ਆਪ’ ਨੂੰ ਕਾਂਗਰਸ ਦੀ ‘ਬੀ’ ਟੀਮ ਦੱਸਿਆ। ਹਰਸਿਮਰਤ ਕੌਰ ਬਾਦਲ ਨੇ ਅੱਜ ਮਾਨਸਾ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦੇ ਲੋਕਾਂ ਦਾ ਹੱਕ ਹੈ, ਜਿਸ ਕਰਕੇ ਹੋਰ ਸਿਆਸੀ ਪਾਰਟੀਆਂ ਨੂੰ ਚੰਡੀਗੜ੍ਹ ਦੇ ਮੁੱਦੇ ’ਤੇ ਰਾਜਨੀਤੀ ਨਹੀਂ ਕਰਨ ਦਿੱਤੀ ਜਾਵੇਗੀ।
ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਚ ਹਰ ਆਗੂ ਤੇ ਵਰਕਰ ਨੂੰ ਆਪਣਾ ਸੁਝਾਅ ਦੇਣ ਦਾ ਹੱਕ ਹੈ ਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਦੂਜੀਆਂ ਪਾਰਟੀਆਂ ਵੱਲੋਂ ਜਾਣ-ਬੁੱਝ ਕੇ ਪਾਰਟੀ ਦੀ ਫੁੱਟ ਨਾਲ ਜੋੜ ਕੇ ਪਰੋਸਿਆ ਜਾਣ ਲੱਗਿਆ ਹੈ। ਬੀਬੀ ਬਾਦਲ ਨੇ ਏਸ਼ਿਆਈ ਖੇਡਾਂ ਵਿਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਸਵਰਨ ਸਿੰਘ ਵਿਰਕ, ਸੁਖਮੀਤ ਸਿੰਘ ਕਿਸ਼ਨਗੜ੍ਹ ਫਰਵਾਹੀ ਤੇ ਸ਼ਗਨਦੀਪ ਸਿੰਘ ਦਾ ਸਨਮਾਨ ਕੀਤਾ ਗਿਆ।