ਪਲਾਸਟਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਸੜਕਾਂ ਬਣਾਉਣ ਮੌਕੇ ਕੀਤਾ ਜਾ ਰਿਹੈ ਇਸਦਾ ਇਸਤੇਮਾਲ: ਵਿਜੈ ਇੰਦਰ ਸਿੰਗਲਾ

24

October

2020

ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ ) - ਸੰਗਰੂਰ ਸ਼ਹਿਰ ਦੇ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਵਿਕਾਸ ਕਾਰਜ ਕਰਵਾਉਣ ਦੇ ਨਾਲ-ਨਾਲ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਵੀ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਪ੍ਰਦੂਸਣ ਰੋਕਥਾਮ ਬੋਰਡ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੰਗਰੂਰ ਸਹਿਰ ਨੂੰ ਪਲਾਸਟਿਕ ਰਹਿਤ ਬਣਾਉਣ ਲਈ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਸ੍ਰੀ ਸਿੰਗਲਾ ਨੇ ਕਿਹਾ ਕਿ ਸੰਗਰੂਰ ਨੂੰ ਸਾਫ-ਸੁਥਰਾ ਅਤੇ ਵਿਕਸਿਤ ਸਹਿਰ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਨਵੀਂਆਂ ਸੜਕਾਂ ਬਣਾਉਣ ਤੋਂ ਲੈ ਕੇ ਪਾਰਕਾਂ ਦੇ ਵਿਕਾਸ ਤੱਕ ਹਰ ਤਰਾਂ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਚੰਗੇਰਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਾਤਾਵਰਨ ਲਈ ਵੱਡਾ ਖ਼ਤਰਾ ਬਣ ਰਹੀ ਪਲਾਸਟਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਹੁਣ ਇਸਦਾ ਇਸਤੇਮਾਲ ਸੜਕਾਂ ਬਣਾਉਣ ਮੌਕੇ ਵੀ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਉਨਾਂ ਦੇ ਲੋਕ ਨਿਰਮਾਣ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਮੰਡੀ ਬੋਰਡ ਵੱਲੋਂ ਬਣਾਈਆਂ ਜਾਣ ਵਾਲੀਆਂ ਘੱਟੋ-ਘੱਟ 20 ਫੀਸਦ ਸੜਕਾਂ ਦੇ ਨਿਰਮਾਣ ’ਚ ਪਲਾਸਟਿਕ ਦੀ ਵਰਤੋਂ ਲਾਜ਼ਮੀ ਕਰ ਦਿੱਤੀ ਗਈ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕਾਮਯਾਬ ਨਹੀਂ ਕੀਤੀ ਜਾ ਸਕਦੀ ਇਸ ਕਰਕੇ ਅੱਜ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਵੀ ਸਫ਼ਲ ਬਣਾਉਣ ਲਈ ਵੀ ਸ਼ਹਿਰ ਵਾਸੀ ਵੱਧ ਚੜ ਕੇ ਆਪਣਾ ਸਹਿਯੋਗ ਦੇਣ। ਉਨਾਂ ਕਿਹਾ ਕਿ ਸ਼ਹਿਰ ਵਾਸੀ ਬਾਜ਼ਾਰ ਵਿਚ ਖਰੀਦਦਾਰੀ ਕਰਨ ਮੌਕੇ ਜੂਟ ਜਾਂ ਕੱਪੜੇ ਦਾ ਝੋਲਾ ਆਪਣੇ ਨਾਲ ਲੈ ਕੇ ਜਾਣ ਤਾਂ ਜੋ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਲੋੜ ਨੂੰ ਮੁੱਢੋਂ ਹੀ ਖ਼ਤਮ ਕੀਤਾ ਜਾ ਸਕੇ। ਇਸ ਮੌਕੇ ਉਨਾਂ ਜੂਟ ਦੇ ਬੈਗ ਅਤੇ ਸਫ਼ਾਈ ਸੇਵਕਾਂ ਨੂੰ ਕੋਵਿਡ ਸੇਫ਼ਟੀ ਕਿੱਟਾਂ ਵੀ ਵੰਡੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਮੈਂਬਰ ਸਕੱਤਰ ਕਰੁਨੇਸ਼ ਗਰਗ, ਮੁੱਖ ਵਾਤਾਵਰਨ ਇੰਜੀਨੀਅਰ ਪਰਦੀਪ ਗੁਪਤਾ, ਸੀਨੀਅਰ ਵਾਤਾਵਰਨ ਇੰਜੀਨੀਅਰ ਰਾਜੀਵ ਸ਼ਰਮਾ, ਚੇਅਰਮੈਨ ਜ਼ਿਲਾ ਯੋਜਨਾ ਬੋਰਡ ਰਜਿੰਦਰ ਸਿੰਘ ਰਾਜਾ ਬੀਰਕਲਾਂ, ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਜਸ਼ਨਪ੍ਰੀਤ ਕੌਰ ਗਿੱਲ, ਐਸ.ਡੀ. ਐਮ ਬਬਨਦੀਪ ਸਿੰਘ ਵਾਲੀਆ, ਵਾਤਾਵਰਨ ਇੰਜੀਨੀਅਰ ਰਾਜੀਵ ਗੁਪਤਾ, ਵਾਈਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਲੀਗਲ ਸੈੱਲ ਪੰਜਾਬ ਦੇ ਚੇਅਰਮੈਨ ਗੁਰਤੇਜ ਸਿੰਘ ਗਰੇਵਾਲ, ਚੇਅਰਮੈਨ ਮਾਰਕੀਟ ਕਮੇਟੀ ਅਨਿਲ ਕੁਮਾਰ ਘੀਚਾ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਕੁਮਾਰ ਗਾਬਾ, ਐਸ.ਡੀ.ਓ. ਅਸ਼ਪ੍ਰੀਤ ਸਿੰਘ, ਜੇ.ਈ. ਸਿਮਰਪ੍ਰੀਤ ਸਿੰਘ, ਬਲਬੀਰ ਕੌਰ ਸੈਣੀ, ਪਰਮਿੰਦਰ ਸਰਮਾ, ਜਸਪਾਲ ਸਿੰਘ ਪਾਲੀ ਸਮੇਤ ਹੋਰ ਆਗੂ ਤੇ ਅਧਿਕਾਰੀ ਹਾਜਰ ਸਨ।