ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਖੇਤੀ ਮਸ਼ੀਨਾਂ ਦੀ ਕੀਤੀ ਜਾ ਰਹੀ ਹੈ ਵੈਰੀਫਿਕੇਸ਼ਨ-ਡਾ.ਵਾਲੀਆ

20

November

2020

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਮੁਖਤਿਆਰ ਸਿੰਘ): ਮੁੱਖ ਖੇਤੀਬਾੜੀ ਅਫਸਰ ਡਾ.ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨਾ ਸਾੜਨ ਬਾਰੇ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਸਾਂਭਣ ਵਾਲੀਆਂ ਖੇਤੀ ਮਸ਼ੀਨਾਂ ਉਪਦਾਨ 'ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਧੁਨਿਕ ਖੇਤੀ ਮਸ਼ੀਨਾਂ 'ਤੇ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ, ਕਿਸਾਨਾਂ ਦੀਆਂ ਰਜਿਸਟਰਡ ਸੁਸਾਇਟੀਆਂ, ਰਜਿਸਟਰ ਕਿਸਾਨ ਗਰੁੱਪਾਂ, ਗ੍ਰਾਮ ਪੰਚਾਇਤਾਂ ਅਤੇ ਫਾਰਮਰ ਪ੍ਰੋਡਿਊਸਰ ਸੰਸਥਾਵਾਂ ਨੂੰ 80 ਫੀਸਦੀ ਅਤੇ ਨਿੱਜੀ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਜਜਬ ਕਰਨ ਲਈ ਸਹਾਈ ਖੇਤੀ ਮਸ਼ੀਨਾਂ, ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸ਼ਰੈਡਰ/ ਮਲਚਰ, ਹਾਈਡਰੋਲਿਕ ਰਿਵਰਸੀਬਲ ਐਮ.ਬੀ.ਪਲੌ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ ਅਤੇ ਖੇਤਾਂ ਵਿੱਚੋਂ ਪਰਾਲੀ ਬਾਹਰ ਕੱਢਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਰੇਕ, ਕਰਾਪ ਰੀਪਰ ਮਸ਼ੀਨਾਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਦਿੱਤੀਆਂ ਜਾ ਰਹੀਆਂ ਹਨ। ਡਾ. ਵਾਲੀਆ ਨੇ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਲਗਾਤਾਰ ਵੈਰੀਫਿਕੇਸ਼ਨ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡ ਮੰਡਲਾਂ, ਬਲਾਕ ਬਸੀ ਪਠਾਣਾ ਵਿਖੇ ਖੇਤੀਬਾੜੀ ਅਫਸਰ ਡਾ? ਕੁਲਵਿੰਦਰ ਸਿੰਘ ਵੱਲੋਂ ਕਿਸਾਨ ਭੁਪਿੰਦਰ ਸਿੰਘ ਦੁਆਰਾ ਖ੍ਰੀਦੀ ਗਈ ਸੁਪਰ ਸੀਡਰ ਮਸ਼ੀਨ ਦੀ ਵੈਰੀਫਿਕੇਸ਼ਨ ਕੀਤੀ ਗਈ ਤਾਂ ਜੋ ਬਣਦੀ ਸਬਸਿਡੀ ਜਲਦ ਤੋਂ ਜਲਦ ਸਬੰਧਤ ਕਿਸਾਨ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾ ਸਕੇ। ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵੈਰੀਫਿਕੇਸ਼ਨ ਦੌਰਾਨ ਸਬਸਿਡੀ ਲੈਣ ਵਾਲੇ ਕਿਸਾਨਾਂ ਅਤੇ ਕਿਸਾਨ ਗਰੁੱਪਾਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਉਹ ਫਸਲਾਂ ਦੀ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ਵਿੱਚ ਹੀ ਰਲ੍ਹਾ ਕੇ ਕਣਕ ਦੀ ਬਿਜਾਈ ਕਰਨਗੇ. ਉਨ੍ਹਾਂ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਪੀ.ਏ.ਯੂ ਤੋਂ ਮੰਨਜੂਰਸ਼ੁਦਾ ਕਿਸਮਾਂ ਅਤੇ ਸਿਫਾਰਿਸ਼ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਖੇਤਾਂ ਵਿੱਚ ਹੀ ਰਲਾਉਣ ਨਾਲ ਜਮੀਨ ਵਿੱਚ ਜੈਵਿਕ ਮਾਦਾ ਵੱਧਦਾ ਹੈ, ਅਤੇ ਖਾਦਾਂ ਦੇ ਖਰਚੇ ਘੱਟਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ, ਮਨੁੱਖੀ ਸਿਹਤ ਨੂੰ ਬਿਮਾਰੀਆਂ ਅਤੇ ਕੁਦਰਤੀ ਸੋਮਿਆਂ ਨੂੰ ਨਸ਼ਟ ਹੋਣ ਤੋਂ ਬਚਾਉਣ।ਇਸ ਮੌਕੇ ਉਨ੍ਹਾਂ ਨਾਲ ਯੂਸਫ ਅਲੀ ਮੌਜੂਦ ਸਨ।