ਉੱਤਰੀ ਭਾਰਤ ਦੇ ਸਾਰੇ ਕਿਸਾਨਾਂ ਨੂੰ 14 ਦਸੰਬਰ ਨੂੰ ਦਿੱਲੀ ਪੁੱਜਣ ਦਾ ਸੱਦਾ

10

December

2020

ਨਵੀਂ ਦਿੱਲੀ, 10 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪੇਸ਼ ਤਜਵੀਜ਼ਾਂ ਕਿਸਾਨਾਂ ਵੱਲੋਂ ਰੱਦ ਕਰਨ ਤੋਂ ਬਾਅਦ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦੀ ਰਣਨੀਤੀ ਤਿਆਰ ਕਰ ਲਈ ਹੈ। ਮਹਿਲਾ ਕਿਸਾਨ ਅਧਿਕਾਰ ਮੰਚ ਦੀ ਕਵਿਤਾ ਕੁਰੂਗੰਤੀ ਅਨੁਸਾਰ 14 ਦਸੰਬਰ ਨੂੰ ਉੱਤਰੀ ਭਾਰਤੀ ਦੇ ਸਾਰੇ ਕਿਸਾਨਾਂ ਨੂੰ ਦਿੱਲੀ ਆਉਣ ਦਾ ਸੱਦਾ ਦਿੱਤਾ ਗਿਆ ਹੈ। ਇਹ ਉਹ 40 ਜਥੇਬੰਦੀਆਂ ਵਿੱਚੋਂ ਇਕ ਹੈ ਜਿਨ੍ਹਾਂ ਨੇ ਬੀਤੇ ਦਿਨਾਂ ਦੌਰਾਨ ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ, ਪੀਯੂਸ਼ ਗੋਇਲ ਅਤੇ ਸੋਮ ਪ੍ਰਕਾਸ਼ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਸੇ ਦਿਨ ਦੱਖਣੀ ਭਾਰਤ ਅਤੇ ਹੋਰ ਦੂਰ ਦੁਰਾਡੇ ਰਾਜਾਂ ਦੇ ਕਿਸਾਨ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਅਣਮਿੱਥੇ ਸਮੇਂ ਲਈ ਰੋਸ ਮੁਜ਼ਾਹਰੇ ਸ਼ੁਰੂ ਕੀਤੇ ਜਾਣਗੇ। ਕਿਸਾਨਾਂ ਦੇ ਇਸ ਰੁਖ਼ ਕਾਰਨ ਕੇਂਦਰ ਸਰਕਾਰ ਲਈ ਕਾਫ਼ੀ ਮੁਸ਼ਕਲ ਭਰੀ ਸਥਿਤੀ ਪੈਦਾ ਹੋ ਸਕਦੀ ਹੈ।