ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ

11

December

2020

ਫ਼ਤਹਿਗੜ੍ਹ ਸਾਹਿਬ, 11 ਦਸੰਬਰ- ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਜ਼ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਪਲੇਸਮੈਂਟ ਕੈਂਪ ਅਤੇ ਸਵੈ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਮਿਤੀ 11-12-2020 ਨੂੰ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅਰਵਿੰਦਰ ਕੌਰ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਇਆ ਗਿਆ। ਇਸ ਮੇਲੇ ਦੌਰਾਨ ਸਵੈ-ਰੋਜ਼ਗਾਰ ਨਾਲ ਸਬੰਧਤ ਏਜੰਸੀਆਂ ਅਤੇ ਵਿਭਾਗਾਂ ਜ਼ਿਲ੍ਹਾ ਉਦਯੋਗ ਕੇਂਦਰ, ਡੇਅਰੀ ਵਿਕਾਸ ਦਫਤਰ, ਐੱਸ.ਸੀ. ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ ਅਤੇ ਮੱਛੀ ਪਾਲਣ ਵਿਭਾਗ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ। ਇਸਦੇ ਨਾਲ ਹੀ ਵੱਖ-ਵੱਖ ਨਿਯੋਜਕਾਂ ਜਿਵੇਂ ਕਿ ਐੱਲ.ਆਈ.ਸੀ. , ਕੰਪੀਟੈਂਟ ਸੀਨਰਜੀ ਵੱਲੋਂ ਵੀ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਕੁੱਲ 43 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ। ਜਿਨ੍ਹਾਂ ਦੀ ਇੰਟਰਵਿਊ ਉਪਰੰਤ ਨਿਯੋਜਕਾਂ ਵੱਲੋਂ ਕੁੱਲ 05 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਤੋਂ ਇਲਾਵਾ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮਿਲਾਇਆ ਗਿਆ ਅਤੇ ਸਰਕਾਰ ਦੀਆਂ ਸਕੀਮਾਂ ਤਹਿਤ ਫਾਰਮ ਵੀ ਭਰੇ ਗਏ।