ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨਵੇਂ ਜਥੇਦਾਰ ਦੀ ਨਿਯੁਕਤੀ ਬਾਰੇ ਚਰਚਾ ਦੀ ਸੰਭਾਵਨਾ

18

October

2018

ਅੰਮ੍ਰਿਤਸਰ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਭਲਕੇ 18 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੀ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿਚ ਸ੍ਰੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਵਿਚਾਰ ਚਰਚਾ ਹੋਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਇਹ ਚਰਚਾ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਿਹਤ ਦੇ ਆਧਾਰ ’ਤੇ ਇਸ ਅਹੁਦੇ ਨੂੰ ਛੱਡ ਸਕਦੇ ਹਨ। ਜਦੋਂਕਿ ਦੂਜੇ ਪਾਸੇ ਜਥੇਦਾਰ ਦੇ ਨੇੜਲੇ ਸੂਤਰ ਇਸ ਸੰਭਾਵਨਾ ਤੋਂ ਫਿਲਹਾਲ ਇਨਕਾਰ ਕਰ ਚੁੱਕੇ ਹਨ। ਹੁਣ ਜਦੋਂ ਅੰਤ੍ਰਿੰਗ ਕਮੇਟੀ ਦੀ ਭਲਕੇ 18 ਅਕਤੂਬਰ ਨੂੰ ਮੀਟਿੰਗ ਹੋਣ ਜਾ ਰਹੀ ਹੈ ਤਾਂ ਇਹ ਮਾਮਲਾ ਮੁੜ ਚਰਚਾ ਵਿਚ ਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅੱਜ ਸਾਰਾ ਦਿਨ ਇਥੇ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਰਹੇ ਅਤੇ ਭਲਕੇ ਇਥੋਂ ਹੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਾਸਤੇ ਰਵਾਨਾ ਹੋਣਗੇ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਮੁਤਾਬਕ ਭਲਕੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੇ ਏਜੰਡੇ ਵਿਚ ਜਥੇਦਾਰ ਦੇ ਅਸਤੀਫੇ ਜਾਂ ਨਵੇਂ ਜਥੇਦਾਰ ਦੀ ਨਿਯੁਕਤੀ ਬਾਰੇ ਕੋਈ ਆਈਟਮ ਸ਼ਾਮਲ ਨਹੀਂ ਹੈ ਪਰ ਇਹ ਮਾਮਲਾ ਫੁਟਕਲ ਮਾਮਲਿਆਂ ਵਿਚ ਵਿਚਾਰਿਆ ਵੀ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਚ ਪੱਧਰੀ ਸੂਤਰਾਂ ਮੁਤਾਬਕ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਪਾਰਟੀ ਹਾਈ ਕਮਾਨ ਨੂੰ ਆਪਣਾ ਅਹੁਦਾ ਛੱਡਣ ਦਾ ਸੰਕੇਤ ਦਿੱਤਾ ਗਿਆ ਸੀ। ਅਜਿਹੀ ਸਥਿਤੀ ਵਿਚ ਇਹ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਇਸ ਮਾਮਲੇ ਨੂੰ ਲੈ ਕੇ ਅਹਿਮ ਹੋ ਸਕਦੀ ਹੈ। ਇਥੇ ਜ਼ਿਕਰਯੋਗ ਹੈ ਕਿ ਸਤੰਬਰ 2015 ਵਿਚ ਡੇਰਾ ਮੁਖੀ ਨੂੰ ਮੁਆਫ਼ ਕੀਤੇ ਜਾਣ ਦੇ ਮਾਮਲੇ ਤੋਂ ਲੈ ਕੇ ਹੁਣ ਤਕ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਵੀ ਇਸ ਹੱਕ ਵਿਚ ਹਨ ਕਿ ਸ੍ਰੀ ਅਕਾਲ ਤਖ਼ਤ ਦੇ ਮੌਜੂਦਾ ਜਥੇਦਾਰ ਨੂੰ ਬਦਲ ਦੇਣਾ ਚਾਹੀਦਾ ਹੈ। ਇਸੇ ਤਰ੍ਹਾਂ ਕੁਝ ਸਿੱਖ ਜਥੇਬੰਦੀਆਂ ਜਥੇਦਾਰ ਨੂੰ ਬਦਲਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਅਲਟੀਮੇਟਮ ਵੀ ਦੇ ਚੁੱਕੀਆਂ ਹਨ। ਅਜਿਹੀ ਸਥਿਤੀ ਵਿਚ ਸੰਭਾਵਨਾ ਹੈ ਕਿ ਅੰਤ੍ਰਿੰਗ ਕਮੇਟੀ ਵਿਚ ਇਹ ਮਾਮਲਾ ਵਿਚਾਰਿਆ ਜਾਵੇ। ਜੇਕਰ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਜਾਂਦੀ ਹੈ ਤਾਂ ਅਜਿਹੀ ਸਥਿਤੀ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਫਿਲਹਾਲ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਜਾ ਸਕਦਾ ਹੈ ਅਤੇ ਪੱਕਾ ਜਥੇਦਾਰ ਨਿਯੁਕਤ ਕਰਨ ਦਾ ਫੈਸਲਾ ਬਾਅਦ ਵਿਚ ਕੀਤਾ ਜਾਵੇਗਾ। ਇਸ ਸਬੰਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਨਾਵਾਂ ਦੀ ਚਰਚਾ ਚਲ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਵੀ ਦੋ ਤਖ਼ਤਾਂ ਦਾ ਕਾਰਜਭਾਰ ਸੰਭਾਲ ਚੁੱਕੇ ਹਨ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸੈਕਸ਼ਨ 85 ਅਤੇ 87 ਦੇ ਗੁਰਦੁਆਰਿਆਂ ਦੇ ਪ੍ਰਬੰਧ ਦੇ ਮਾਮਲੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ ਰੇਖਾ ਸਬੰਧੀ ਮਾਮਲੇ ਵਿਚਾਰੇ ਜਾਣਗੇ। ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਬੇਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਲਈ ਇਕ ਦਫਤਰ ਵੀ ਸਥਾਪਤ ਕੀਤਾ ਜਾਵੇਗਾ।