ਮੋਦੀ ਸਰਕਾਰ ਤੇ ਹੋਰ ਦਬਾਅ ਬਣਾਉਣ 'ਚ ਸਹਾਈ ਹੋਵੇਗਾ ਸੰਭੂ ਦਾ ਧਰਨਾ- ਸੁਖਜਿੰਦਰ ਰੰਧਾਵਾ

14

December

2020

ਰਾਜਪੁਰਾ, ਘਨੌਰ 14 ਦਸੰਬਰ (ਪ.ਪ) ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਰ ਹੀਲੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਇਸ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕਰਦੇ ਹਨ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ, ਖੇਤੀਬਾੜੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਅਰੁਣਾ ਚੌਧਰੀ ਅਤੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਢਿਲੋਂ ਨੇ ਕਾਂਗਰਸ ਪਾਰਟੀ ਵਲੋਂ ਸੰਭੂ ਬਾਰਡਰ ਤੇ 14 ਦਸੰਬਰ ਨੁੰ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਹ ਧਰਨਾ ਕੇਂਦਰ ਸਰਕਾਰ ਤੇ ਹੋਰ ਦਬਾਅ ਬਣਾ ਕੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਿਚ ਸਹਾਈ ਹੋਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਅਤੇ ਦੇਸ਼ ਦੇ ਹਰ ਵਰਗ ਦਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਮੋਦੀ ਦੀ ਸਰਕਾਰ ਅੰਬਾਨੀਆਂ-ਅੰਡਾਨੀਆਂ ਦੇ ਇਸ਼ਾਰਿਆਂ ਤੇ ਚੱਲ ਰਹੀ ਹੈ। ਜਲਾਲਪੁਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰ ਸੰਘਰਸ਼ ਵਿਚ ਮੋਹਰੀ ਭੂਮਿਕਾ ਨਿਭਾ ਕੇ ਜਿੱਤ ਹਾਸਿਲ ਕਰਨ ਦਾ ਮਾਣ ਪ੍ਰਾਪਤ ਕੀਤਾ ਹੈ, ਜਲਦ ਇਸ ਸੰਘਰਸ਼ ਵਿਚ ਵੀ ਸਾਡੀ ਜਿੱਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਦਿੱਤੇ ਜਾ ਰਹੇ ਇਸ ਧਰਨੇ ਵਿਚ ਜਿਥੇ ਪੰਜਾਬ ਕੈਬਨਿਟ ਦੇ ਵਜ਼ੀਰ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਉਣ ਉਥੇ ਕਿਸਾਨ, ਮਜ਼ਦੂਰ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਦਰਜ ਕਰਵਾ ਕੇ ਕੇਂਦਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਨਗੇ। ਇਸ ਮੌਕੇ ਨਗਰ ਕੌਂਸਲ ਘਨੌਰ ਦੇ ਪ੍ਰਧਾਨ ਨਰਪਿੰਦਰ ਸਿੰਘ ਭਿੰਦਾ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਉਂਟਸਰ, ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ, ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਕਾਮੀਂ, ਮਾਰਕੀਟ ਕਮੇਟੀ ਰਾਜਪੁਰਾ ਦੇ ਵਾਈਸ ਚੇਅਰਮੈਨ ਜਗਰੂਪ ਸਿੰਘ ਹੈਪੀ ਸੇਹਰਾ, ਸਾਬਕਾ ਚੇਅਰਮੈਨ ਬਲਰਾਜ ਨੌਸ਼ਹਿਰਾ, ਨਰਿੰਦਰ ਲਾਲੀ ਪਟਿਆਲਾ, ਸਹਿਕਾਰੀ ਬੈਂਕ ਇੰਪਲਾਈਜ਼ ਯੂਨੀਅਨ ਪਟਿਆਲਾ ਦੇ ਪ੍ਰਧਾਨ ਅਜ਼ਨੀਸ ਢੋਟ, ਵਿਪਨ ਸਿੰਘ, ਗੁਰਕੀਰਤ ਸਿੰਘ, ਚੇਅਰਮੈਨ ਅੱਛਰ ਸਿੰਘ ਭੇਡਵਾਲ, ਸਰਪੰਚ ਹਰਸੰਗਤ ਸਿੰਘ ਤਖਤੂਮਾਜਰਾ, ਸਰਪੰਚ ਲਖਵਿੰਦਰ ਸਿੰਘ ਲੱਖਾ ਕਬੂਲਪੁਰ, ਮੋਨੁੰ ਬਪਰੌਰ ਸਮੇਤ ਹੋਰ ਵੀ ਹਾਜ਼ਰ ਸਨ।