Arash Info Corporation

ਗਣਤੰਤਰ ਦਿਵਸ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦਾ ਆਯੋਜਨ

04

January

2021

ਫ਼ਿਰੋਜ਼ਪੁਰ 4 ਜਨਵਰੀ 26 ਜਨਵਰੀ ਗਣਤੰਤਰਤਾ ਦਿਵਸ ਸਮਾਗਮ ਰਵਾਇਤੀ ਸਾਨੋ ਸ਼ੌਕਤ ਅਤੇ ਉਤਸ਼ਾਹ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨ. ਮੈਡਮ ਰਾਜਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ. ਅਰੁਣ ਕੁਮਾਰ ਸ਼ਰਮਾ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਲੋੜੀਂਦੇ ਆਦੇਸ਼ ਵੀ ਦਿੱਤੇ। ਇਸ ਦੌਰਾਨ ਉਨਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਜ ਦੀ ਸਜਾਵਟ, ਸਲਾਮੀ ਵਾਲੀ ਥਾਂ ਤੇ ਸਲੂਟਿੰਗ ਬੇਸ ਤਿਆਰ ਕਰਨ ਅਤੇ ਕੌਮੀ ਝੰਡੇ ਦਾ ਪ੍ਰਬੰਧ, ਸਹੀਦਾਂ ਦੀ ਸਮਾਧ ਨੂੰ ਸੁੰਦਰ ਬਣਾਉਣ ਤੇ ਸਾਫ ਸਫਾਈ ਕਰਨ, ਪਰੇਡ, ਝਾਂਕੀਆਂ, ਸੱਭਿਆਚਾਰਕ ਪ੍ਰੋਗਰਾਮ, ਟਰਾਂਸਪੋਰਟ, ਪੀਣ ਵਾਲੇ ਸਾਫ ਪਾਣੀ, ਫਾਇਰ ਬ੍ਰਿਗੇਡਾਂ, ਚੌਕਾਂ ਦੀ ਸਜਾਵਟ, ਰਿਫਰੈਸ਼ਮੈਂਟ ਤੇ ਬੈਠਣ ਆਦਿ ਦੇ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡਾਕਟਰੀ ਟੀਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਪਾਰਕਿੰਗ, ਸੁਰੱਖਿਆ ਤੇ ਬੈਰੀਕੇਡਿੰਗ 'ਤੇ ਇੰਤਜ਼ਾਮ ਪੁਖ਼ਤਾ ਕਰਨ ਲਈ ਵੀ ਕਿਹਾ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਗਣਤੰਤਰਤਾ ਦਿਵਸ ਸਮਾਗਮ ਮੌਕੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨਾਂ ਨੂੰ ਜੋ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਉਸ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਮਿਹਨਤ ਤੇ ਲਗਨ ਨਾਲ ਪੂਰਾ ਕਰਨ।