ਅੰਮ੍ਰਿਤਸਰ ਹਾਦਸੇ ਦੀ ਜਾਂਚ ਹਾਈ ਕੋਰਟ ਦੇ ਜੱਜ ਕੋਲੋਂ ਕਰਵਾਉਣ ਦੀ ਮੰਗ

24

October

2018

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਵਫ਼ਦ ਨੇ ਅੱਜ ਇੱਥੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਰੇਲ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਰਵਾਈ ਦੀ ਮੰਗ ਨੂੰ ਲੈ ਕੇ ਇਸ ਘਟਨਾ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਰਾਜਪਾਲ ਨਾਲ ਮੀਟਿੰਗ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦਾ ਰੇਲ ਹਾਦਸਾ ਬੱਜਰ ਗ਼ਲਤੀ ਦਾ ਨਤੀਜਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਦੇਸ਼ ਯਾਤਰਾ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਦੁੱਖ ਦੀ ਘੜੀ ਵਿਚ ਸੂਬੇ ਦੇ ਲੋਕਾਂ ਨੂੰ ਇਕੱਲਿਆਂ ਛੱਡ ਕੇ ਵਿਦੇਸ਼ ਚਲੇ ਜਾਣ ਦਾ ਫੈਸਲਾ ਇਸ ਗੈਰ-ਸੰਜੀਦਗੀ ਅਤੇ ਲਾਪਰਵਾਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ ਵਾਲੇ ਵਫ਼ਦ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਅਤੇ ਉਸ ਦੀ ਪਤਨੀ ਨੇ ਜ਼ਿੰਮੇਵਾਰੀ ਦੀ ਭਾਵਨਾ ਦਿਖਾਉਂਦਿਆਂ ਬਿਨਾਂ ਸਰਕਾਰੀ ਮਨਜ਼ੂਰੀ ਤੋਂ ਕਰਵਾਏ ਜਾ ਰਹੇ ਸਮਾਗਮ ਦਾ ਹਿੱਸਾ ਬਣਨ ਤੋਂ ਇਨਕਾਰ ਕੀਤਾ ਹੁੰਦਾ ਤਾਂ ਅਜਿਹੇ ਦੁਖਾਂਤ ਨੂੰ ਆਸਾਨੀ ਨਾਲ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸਮਾਗਮ ਪ੍ਰਬੰਧਕਾਂ ਨੇ ਹਜ਼ਾਰਾਂ ਲੋਕਾਂ ਨੂੰ ਇਕ ਅਜਿਹੀ ਥਾਂ ਉੱਤੇ ਸੱਦ ਲਿਆ, ਜਿੱਥੇ ਹਾਦਸਾ ਵਾਪਰਨ ਦੀ ਵੱਡੀ ਸੰਭਾਵਨਾ ਸੀ। ਸ੍ਰੀ ਬਾਦਲ ਨੇ ਨਵਜੋਤ ਸਿੱਧੂ ਤੁਰੰਤ ਕੈਬਨਿਟ ਮੰਤਰੀ ਤੋਂ ਹਟਾਉਣ ਦੀ ਮੰਗ ਕਰਦਿਆਂ ਨਵਜੋਤ ਸਿੰਘ ਸਿੱਧੂ, ਨਵਜੋਤ ਕੌਰ ਸਿੱਧੂ, ਕਾਂਗਰਸ ਕੌਂਸਲਰ ਅਤੇ ਦਸਹਿਰਾ ਪ੍ਰਬੰਧਕ ਸੌਰਭ ਮਦਨ ਮਿੱਠੂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਅਕਾਲੀ-ਭਾਜਪਾ ਵਫ਼ਦ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਇਨਸਾਫ ਦਿਵਾਉਣ ਲਈ ਰਾਜਪਾਲ ਨੂੰ ਦਖ਼ਲ ਦੇਣ ਵਾਸਤੇ ਕਿਹਾ। ਦੋਵੇਂ ਪਾਰਟੀਆਂ ਨੇ ਮੰਗ ਕੀਤੀ ਕਿ ਇਸ ਹਾਦਸੇ ਪਿਛਲੀ ਸੱਚਾਈ ਬਾਹਰ ਲਿਆਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਕੋਲੋਂ ਇਸ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਅਤੇ ਹਰ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਵਿਅਕਤੀਆਂ ਨੂੰ 50 ਲੱਖ ਰੁਪਏ ਪ੍ਰਤੀ ਵਿਅਕਤੀ ਮੁਆਵਜ਼ਾ ਦਿੱਤਾ ਜਾਵੇ।