ਡਰੱਗ ਤਸਕਰੀ ਕੇਸ: ਸਰਵਣ ਫਿਲੌਰ ਸਮੇਤ ਛੇ ਮੁਲਜ਼ਮਾਂ ਨੂੰ ਜ਼ਮਾਨਤ

26

October

2018

ਐਸ.ਏ.ਐਸ. ਨਗਰ (ਮੁਹਾਲੀ), ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਬਹੁ-ਚਰਚਿਤ ਡਰੱਗ ਤਸਕਰੀ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣੇ ਕਰ ਰਹੇ ਸਾਬਕਾ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਸ ਦੇ ਬੇਟੇ ਦਮਨਵੀਰ ਸਿੰਘ ਫਿਲੌਰ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਤੋਂ ਇਲਾਵਾ ਇਸ ਕੇਸ ਵਿੱਚ ਨਾਮਜ਼ਦ ਸਾਬਕਾ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ, ਸੁਸ਼ੀਲ ਕੁਮਾਰ ਸਰਦਾਨਾ ਅਤੇ ਉਸ ਦੀ ਪਤਨੀ ਕੈਲਾਸ਼ ਸਰਦਾਨਾ ਅਤੇ ਨੂੰਹ ਰਸ਼ਮੀ ਸਰਦਾਨਾ ਦੀਆਂ ਜ਼ਮਾਨਤ ਦੀਆਂ ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਉਕਤ ਮੁਲਜ਼ਮਾਂ ਨੂੰ ਇਹ ਰਾਹਤ ਹਾਈ ਕੋਰਟ ਦੇ ਸਪੈਸ਼ਲ ਬੈਂਚ ਨੇ ਖੁੱਲ੍ਹੀ ਅਦਾਲਤ ਵਿੱਚ ਸੁਣਵਾਈ ਕਰਦਿਆਂ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 29 ਨਵੰਬਰ ਨੂੰ ਹੋਵੇਗੀ। ਅਦਾਲਤ ਨੇ ਪੰਜਾਬ ਸਰਕਾਰ ਅਤੇ ਈਡੀ ਨੂੰ 30 ਦਿਨਾਂ ਦੇ ਅੰਦਰ ਅੰਦਰ ਕੇਸ ਸਬੰਧੀ ਸਟੇਟਸ ਰਿਪੋਰਟ ਦੇਣ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਫਿਲੌਰ ਸਮੇਤ ਉਕਤ ਛੇ ਮੁਲਜ਼ਮਾਂ ਦੇ ਖ਼ਿਲਾਫ਼ ਕਿਸੇ ਪੁਲੀਸ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੋਈ ਕੇਸ ਦਰਜ ਨਹੀਂ ਹੈ। ਇਨ੍ਹਾਂ ਵਿਅਕਤੀਆਂ ’ਤੇ ਸਿਰਫ਼ ਡਰੱਗ ਮਨੀ ਨਾਲ ਕਥਿਤ ਤੌਰ ’ਤੇ ਬੇਨਾਮੀ ਜਾਇਦਾਦਾਂ ਬਣਾਉਣ ਦਾ ਦੋਸ਼ ਹੈ। ਹਾਈ ਕੋਰਟ ਨੇ ਮੁਲਜ਼ਮਾਂ ਦੀਆਂ ਅਰਜ਼ੀਆਂ ’ਤੇ ਸੁਣਵਾਈ ਦੌਰਾਨ ਵੱਖ ਵੱਖ ਪਹਿਲੂਆਂ ਨੂੰ ਡੂੰਘਾਈ ਨਾਲ ਵਾਚਦੇ ਹੋਏ ਜ਼ਮਾਨਤ ਦਿੱਤੀ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੀ 9 ਅਕਤੂਬਰ ਨੂੰ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਬਕਾ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਸ ਦੇ ਬੇਟੇ ਦਮਨਵੀਰ ਸਿੰਘ ਫਿਲੌਰ, ਸਾਬਕਾ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ, ਪਰਮਜੀਤ ਸਿੰਘ ਚਾਹਲ, ਜਗਜੀਤ ਸਿੰਘ ਚਾਹਲ, ਉਸ ਦੀ ਪਤਨੀ ਇੰਦਰਜੀਤ ਕੌਰ ਚਾਹਲ, ਦਵਿੰਦਰ ਕਾਂਤ ਸ਼ਰਮਾ, ਸਚਿਨ ਸਰਦਾਨਾ, ਉਸ ਦੀ ਪਤਨੀ ਰਸ਼ਮੀ ਸਰਦਾਨਾ, ਪਿਤਾ ਸੁਸ਼ੀਲ ਕੁਮਾਰ ਸਰਦਾਨਾ, ਮਾਂ ਕੈਲਾਸ਼ ਸਰਦਾਨਾ ਅਤੇ ਜਸਵਿੰਦਰ ਸਿੰਘ ਦੇ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਕਤ ਮੁਲਜ਼ਮਾਂ ਨੂੰ ਭੋਲਾ ਕੇਸ ਵਿੱਚ ਵੱਖਰੇ ਤੌਰ ’ਤੇ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸੀਬੀਆਈ ਅਦਾਲਤ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਚੱਲ ਰਹੀ ਹੈ।