ਬਠਿੰਡਾ ਰੈਲੀ ਦੇ ਮਤੇ ਲਾਗੂ ਹੋਣ ਤੱਕ ‘ਆਪ’ ਨਾਲ ਸਮਝੌਤਾ ਨਹੀਂ: ਖਹਿਰਾ

27

October

2018

ਮਸਤੂਆਣਾ ਸਾਹਿਬ, ‘ਆਪ’ ਦੇ ਬਾਗੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਜਦੋਂ ਤੱਕ ਬਠਿੰਡਾ ਰੈਲੀ ਦੇ ਸਾਰੇ ਮਤੇ ਲਾਗੂ ਨਹੀਂ ਹੁੰਦੇ, ਉਦੋਂ ਤੱਕ ਆਮ ਆਦਮੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਸ੍ਰੀ ਖਹਿਰਾ ਪਿੰਡ ਕਾਂਝਲਾ ਵਿਖੇ ਬਾਬਾ ਮਲਕੀਤ ਸਿੰਘ ਕਲੇਰ ਦੇ ਸ਼ਰਧਾਂਜਲੀ ਸਮਾਰੋਹ ਵਿਚ ਸ਼ਾਮਲ ਹੋਣ ਆਏ ਸਨ, ਜੋ ਬੀਤੇ ਦਿਨੀਂ ਬਰਗਾੜੀ ਮੋਰਚੇ ਦੌਰਾਨ ਲੰਗਰ ਦੀ ਸੇਵਾ ਨਿਭਾਉਂਦਿਆਂ ਅਕਾਲ ਚਲਾਣਾ ਕਰ ਗਏ ਸਨ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਪਸੀ ਸਮਝੌਤੇ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ। ਪਰ ਉਸ ’ਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਪਾਰਟੀ ਹਾਈ ਕਮਾਨ ਨੂੰ ਕਹਿੰਦੇ ਰਹੇ ਹਨ ਕਿ ਪੰਜਾਬ ਦੇ ਫ਼ੈਸਲੇ ਪੰਜਾਬ ਦੀ ਧਰਤੀ ’ਤੇ ਹੀ ਹੋਣ ਅਤੇ ਦਿੱਲੀ ਵਾਲਿਆਂ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਰਗਾੜੀ ਮੋਰਚੇ ਲਈ ਹਮਾਇਤ ਇਸ ਲਈ ਨਹੀਂ ਕੀਤੀ ਕਿ ਉਹ ਇਸ ਵਿਚ ਕੋਈ ਸਿਆਸੀ ਲਾਹਾ ਲੈਣ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਰਕਾਰ ਬੇਅਦਬੀ ਕਾਂਡ ਦੇ ਕਸੂਰਵਾਰਾਂ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੜੇ ਦੁੱੱਖ ਦੀ ਗੱਲ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜਦੋਂ ਤੱਕ ਬੇਅਦਬੀ ਕਾਂਡ ਦੇ ਕਸੂਰਵਾਰਾਂ ਨੂੰ ਜੇਲ੍ਹਾਂ ਵਿੱਚ ਨਹੀਂ ਡੱਕਿਆ ਜਾਂਦਾ ਅਤੇ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤਕ ਬਰਗਾੜੀ ਮੋਰਚਾ ਪੱਕਾ ਜਾਰੀ ਰਹੇਗਾ। ਜਾਣਕਾਰੀ ਅਨੁਸਾਰ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿਚ ਪਹਿਲੀ ਜੂਨ ਤੋਂ ਬਰਗਾੜੀ ਇਨਸਾਫ਼ ਮੋਰਚਾ ਚੱਲ ਰਿਹਾ ਹੈ, ਜਿਸ ’ਚ ਸੰਗਤ ਕਸੂਰਵਾਰਾਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਅੰਦਰੂਨੀ ਤੌਰ ’ਤੇ ਮਿਲੇ ਹੋਏ ਹਨ। ਜੇਕਰ ਅਜਿਹਾ ਨਾ ਹੁੰਦਾ ਤਾਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਆਉਣ ਤੋਂ ਤੁਰੰਤ ਬਾਦਲ ਪਿਓ-ਪੁੱਤ ਅਤੇ ਉਨ੍ਹਾਂ ਦੇ ਹੋਰ ਸਾਥੀ ਜੇਲ੍ਹ ਵਿਚ ਹੋਣੇ ਸਨ।