16
November
2021
ਫਿਰੋਜ਼ਪੁਰ, 16 ਨਵੰਬਰ:
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਸਪਲਾਈ ਸੁਚਾਰੂ ਢੰਗ ਨਾਲ ਕਰਨ ਹਿਤ ਖੇਤੀਬਾੜੀ ਵਿਭਾਗ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਫਿਰੋਜ਼ਪੁਰ ਓਮ ਪ੍ਰਕਾਸ਼, ਐਸ.ਡੀ.ਐਮ. ਜ਼ੀਰਾ ਸੂਬਾ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਸਹਿਕਾਰੀ ਸਭਾਵਾਂ ਤੇ ਪ੍ਰਾਈਵੇਟ ਡੀਲਰਾਂ ਰਾਹੀਂ ਕਿਸਾਨਾਂ ਨੂੰ ਡੀ.ਏ.ਪੀ. ਦੀ ਸਪਲਾਈ ਸਰਕਾਰੀ ਮਾਪਦੰਡਾਂ ਮੁਤਾਬਿਕ ਕਰਨ ਲਈ ਹਦਾਇਤ ਕੀਤੀ।
ਉਨ੍ਹਾਂ ਡੀ.ਏ.ਪੀ. ਦੀ ਪੂਰਤੀ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਾਲ-ਨਾਲ ਡੀ.ਏ.ਪੀ. ਦੀ ਕਾਲਾਬਜ਼ਾਰੀ ਕਰਨ ਵਾਲੇ ਡੀਲਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੀਲਰ ਜਾਂ ਵਿਭਾਗ ਦੇ ਕਿਸੇ ਵੀ ਅਧਿਕਾਰੀ ਵੱਲੋਂ ਡਿਊਟੀ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਸਪਲਾਈ ਨਾਲ ਟੈਗਿੰਗ ਕਰਨ ਵਾਲੇ ਪ੍ਰਾਈਵੇਟ ਡੀਲਰਾਂ ਵਿਰੁੱਧ ਵਿਭਾਗ ਨੂੰ ਬਣਦੀ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਡਵਾਂਸ ਜਮਾਂ ਕਰਾ ਚੁੱਕੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ਡੀ.ਏ. ਪੀ. ਮੁਹੱਈਆ ਕਰਵਾਈ ਜਾਵੇ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਪਿਰਥੀ ਸਿੰਘ ਤੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਜੇਂਦਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਕਤੂਬਰ ਮਹੀਨੇ ਤੋਂ ਸ਼ੁਰੂ ਹੋਣ ਵਾਲੀ ਹਾੜੀ ਦੀਆਂ ਫਸਲਾਂ ਦੀ ਬਿਜਾਈ ਲਈ ਲਗਭਗ 23000 ਮੀਟਰਿਕ ਟਨ ਡੀ.ਏ.ਪੀ. ਦੀ ਲੋੜ ਹੈ ਜਿਸ ਵਿਚੋ ਹੁਣ ਤੱਕ ਸੁਸਾਇਟੀਆਂ ਕੋਲ 12435 ਮੀਟਰਿਕ ਟਨ ਅਤੇ ਪ੍ਰਾਈਵੇਟ ਡੀਲਰਾਂ ਕੋਲ 1790 ਮੀਟਰਿਕ ਟਨ ਡੀ.ਏ.ਪੀ. ਦਾ ਸਟਾਕ ਮੌਜੂਦ ਹੈ ਤੇ ਬਾਕੀ ਰਹਿੰਦਾ ਸਟਾਕ ਜਲਦੀ ਹੀ ਪਹੁੰਚ ਜਾਵੇਗਾ ਤੇ ਕਿਸਾਨਾਂ ਨੂੰ ਡੀ.ਏ.ਪੀ. ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।