ਬੀਐੱਸਐੱਫ ਤੇ ਪਾਕਿਸਤਾਨੀ ਰੇਂਜਰਾਂ ਨੇ ਵੰਡੀਆਂ ਮਠਿਆਈਆਂ

09

November

2018

ਅਟਾਰੀ, ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ ਤੇ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਕਮਾਂਡੈਂਟ ਸੁਦੀਪ ਕੁਮਾਰ ਨੇ ਪਾਕਿਸਤਾਨ ਰੇਂਜਰਜ਼ ਦੇ ਅਧਿਕਾਰੀ ਨੂੰ ਮਠਿਆਈ ਦੇ ਡੱਬੇ ਭੇਟ ਕਰਕੇ ਦੀਵਾਲੀ ਦਿਹਾੜੇ ’ਤੇ ਸ਼ੁਭ ਇੱਛਾਵਾਂ ਭੇਟ ਕੀਤੀਆਂ। ਇੱਥੇ ਗੌਰਤਲਬ ਹੈ ਕਿ ਆਪਸੀ ਸਦਭਾਵਨਾ ਪੈਦਾ ਕਰਨ ਦੇ ਸੰਕੇਤ ਵਜੋਂ ਭਾਰਤ-ਪਾਕਿਸਤਾਨ ਸਰਹੱਦ ’ਤੇ ਅਟਾਰੀ-ਵਾਹਗਾ ਸਰਹੱਦ ਦੀ ਸਾਂਝੀ ਜਾਂਚ ਚੌਕੀ ਵਿਖੇ ਦੋਵਾਂ ਮੁਲਕਾਂ ਵਿਚਕਾਰ ਚੱਲੀ ਆ ਰਹੀ ਰਵਾਇਤ ਅਨੁਸਾਰ ਕੌਮੀ ਅਤੇ ਧਾਰਮਿਕ ਤਿਉਹਾਰਾਂ ਜਿਨ੍ਹਾਂ ਵਿੱਚ ਆਜ਼ਾਦੀ ਦਿਵਸ, ਈਦ, ਦੀਵਾਲੀ ਅਤੇ ਗਣਤੰਤਰ ਦਿਵਸ ਮੌਕੇ ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਜਾਂਦਾ ਹੈ ਅਤੇ ਇੱਕ-ਦੂਜੇ ਨੂੰ ਮੁਬਾਰਕਬਾਦ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਭਾਰਤ ਦੇ 72ਵੇਂ ਆਜ਼ਾਦੀ ਦਿਵਸ ਅਤੇ ਈਦ-ਉਲ-ਅਜ਼ਾ ਮੌਕੇ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ ਸੀ। ਇਸ ਸਾਲ ਗਣਤੰਤਰ ਦਿਵਸ ਮੌਕੇ ਜੰਗਬੰਦੀ ਦੀ ਉਲੰਘਣਾ ਅਤੇ ਸਰਹੱਦ ’ਤੇ ਤਣਾਅ ਹੋਣ ਕਾਰਨ ਸੀਮਾ ਸੁਰੱਖਿਆ ਬਲ ਨੇ ਅਟਾਰੀ-ਵਾਹਗਾ ਸਰਹੱਦ ਵਿਖੇ ਪਾਕਿਸਤਾਨੀ ਰੇਂਜਰਾਂ ਨੂੰ ਮਠਿਆਈ ਅਤੇ ਸ਼ੁਭ ਇੱਛਾਵਾਂ ਭੇਟ ਕਰਨ ਤੋਂ ਇਨਕਾਰ ਕਰ ਦਿੱਤਾ ਸੀ।