ਅਧਿਆਪਕਾਂ ਨੇ ਸਿੱਖਿਆ ਅਧਿਕਾਰੀਆਂ ਨੂੰ ਭੇਜਿਆ ਕਾਨੂੰਨੀ ਨੋਟਿਸ

12

November

2018

ਐਸ.ਏ.ਐਸ. ਨਗਰ (ਮੁਹਾਲੀ), ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਉਨ੍ਹਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਮੰਤਵ ਨਾਲ ਉਨ੍ਹਾਂ ਦੀਆਂ ਬਦਲੀਆਂ ਦੂਰ ਦੁਰਾਡੇ ਕਰਨ ਅਤੇ ਮੁਅੱਤਲੀ ਆਦੇਸ਼ਾਂ ਦਾ ਤਿੱਖਾ ਵਿਰੋਧ ਕਰਦਿਆਂ ਅਧਿਆਪਕਾਂ ਨੇ ਅੱਜ ਆਪਣੇ ਵਕੀਲ ਰਾਹੀਂ ਸਮੂਹਿਕ ਰੂਪ ਵਿੱਚ ਸਿੱਖਿਆ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਹੁਕਮਰਾਨਾਂ ਦੀ ਨੀਂਦ ਉੱਡਾ ਦਿੱਤੀ ਹੈ। ਅਧਿਆਪਕਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਮਰੀਕ ਸਿੰਘ ਰਾਹੀਂ ਸਿੱਖਿਆ ਵਿਭਾਗ ਦੇ ਸਕੱਤਰ, ਡੀਜੀਐੱਸਈ ਅਤੇ ਸਮੂਹ ਜ਼ਿਲ੍ਹਾ ਅਫ਼ਸਰਾਂ ਸਮੇਤ ਕੁੱਲ 48 ਸਿੱਖਿਆ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਆਪਣਾ ਕਾਨੂੰਨੀ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ (ਅਧਿਆਪਕਾਂ) ਨੂੰ ਆਪਣੇ ਹੱਕਾਂ ਲਈ ਰੋਸ ਧਰਨੇ ਅਤੇ ਮੁਜ਼ਾਹਰੇ ਕਰਨ ਦਾ ਸੰਵਿਧਾਨ ਹੱਕ ਹਾਸਲ ਹੈ। ਉਧਰ, ਸਰਵ ਸਿੱਖਿਆ ਅਭਿਆਨ (ਐਸਐਸਏ)/ ਰਮਸਾ ਅਧਿਆਪਕਾਂ ਦੀ ਜਥੇਬੰਦੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਵਿੱਚ ਹੋਈ। ਉਨ੍ਹਾਂ ਦੱਸਿਆ ਕਿ ਭਲਕੇ 12 ਨਵੰਬਰ ਅਤੇ 13 ਅਤੇ 14 ਨਵੰਬਰ ਨੂੰ ਕੈਪਟਨ ਵਜ਼ਾਰਤ ਵਿੱਚ ਸ਼ਾਮਲ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ।