ਨਿਗਮ ਨੇ ਬੂਥਾਂ ਦੇ ਪਾਣੀ ਤੇ ਸੀਵਰੇਜ ਦੇ ਗੈਰ ਕਾਨੂੰਨੀ ਕੁਨੈਕਸ਼ਨ ਕੱਟੇ

15

November

2018

ਐੱਸ.ਏ.ਐੱਸ. ਨਗਰ (ਮੁਹਾਲੀ), ਇੱਥੋਂ ਦੇ ਫੇਜ਼-5 ਦੀ ਮਾਰਕੀਟ ਵਿੱਚ ਕੁਝ ਬੂਥਾਂ ਦੇ ਮਾਲਕਾਂ ਅਤੇ ਦੁਕਾਨਦਾਰਾਂ ਵੱਲੋਂ ਪਾਣੀ ਤੇ ਸੀਵਰੇਜ ਦੇ ਕਥਿਤ ਤੌਰ ’ਤੇ ਗੈਰ ਕਾਨੂੰਨੀ ਕੁਨੈਕਸ਼ਨ ਜੋੜ ਕੇ ਮੁਹਾਲੀ ਨਗਰ ਨਿਗਮ ਨੂੰ ਰਗੜਾ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨਗਰ ਨਿਗਮ ਦੀ ਟੀਮ ਨੇ ਅੱਜ ਮੌਕੇ ’ਤੇ ਪਹੁੰਚ ਕੇ ਗੈਰ ਕਾਨੂੰਨੀ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ। ਇਹ ਕਾਰਵਾਈ ਵਾਰਡ ਨੰਬਰ-16 ਦੀ ਕੌਂਸਲਰ ਤਰਨਜੋਤ ਕੌਰ ਗਿੱਲ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਵੱਛ ਭਾਰਤ ਮੁਹਿੰਮ ਤਹਿਤ ਬੀਬੀ ਗਿੱਲ ਨੇ ਆਪਣੇ ਵਾਰਡ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਕਲਿਆਣ ਜਿਊਲਰਜ਼ ਫੇਜ਼-5 ਨੇੜਲੀ ਮਾਰਕੀਟ ਦੇ ਪਿੱਛੇ ਕਾਫੀ ਗੰਦਗੀ ਫੈਲੀ ਦੇਖੀ। ਜਦੋਂ ਡੂੰਘਾਈ ਨਾਲ ਮਾਮਲੇ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਬੂਥ ਮਾਰਕੀਟ ਦੇ ਕੁਝ ਦੁਕਾਨਦਾਰਾਂ ਨੇ ਗਲਤ ਤਰੀਕੇ ਨਾਲ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਜੋੜੇ ਹੋਏ ਹਨ। ਮਹਿਲਾ ਕੌਂਸਲਰ ਨੇ ਤੁਰੰਤ ਇਲਾਕੇ ਦੇ ਲੋਕਾਂ ਨੂੰ ਲੈ ਕੇ ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਸ ਸਬੰਧੀ ਸ਼ਿਕਾਇਤ ਦਿੱਤੀ ਅਤੇ ਮੰਗ ਕੀਤੀ ਕਿ ਬੂਥ ਮਾਲਕਾਂ ਅਤੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਕੌਂਸਲਰ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨਰ ਨੇ ਨਗਰ ਨਿਗਮ ਦੇ ਐਕਸੀਅਨ ਅਸ਼ਵਨੀ ਕੁਮਾਰ ਅਤੇ ਐੱਸਡੀਓ ਮਨਜੀਤ ਸਿੰਘ ਸਮੇਤ ਹੋਰ ਸਟਾਫ਼ ਨੂੰ ਮੌਕਾ ਦੇਖਣ ਲਈ ਭੇਜਿਆ। ਇਸ ਟੀਮ ਨੇ ਮੁੱਢਲੀ ਪੜਤਾਲ ਤੋਂ ਬਾਅਦ ਕਈ ਬੂਥਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ। ਨਿਗਮ ਅਧਿਕਾਰੀਆਂ ਨੇ ਕਿਹਾ ਕਿ ਬੂਥਾਂ ਦੇ ਕੁਨੈਕਸ਼ਨ ਕੱਟਣ ਤੋਂ ਬਾਅਦ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ ਕਿ ਉਹ ਦੁਬਾਰਾ ਅਜਿਹੀ ਗਲਤੀ ਨਾ ਕਰਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਸਬੰਧਤ ਬੂਥਾਂ ਦੇ ਦੁਕਾਨਦਾਰਾਂ ਤੋਂ ਜੁਰਮਾਨਾ ਵਸੂਲਿਆ ਜਾਵੇਗਾ ਅਤੇ ਜੇਕਰ ਦੁਕਾਨਦਾਰਾਂ ਨੇ ਗਲਤ ਤਰੀਕੇ ਨਾਲ ਦੁਬਾਰਾ ਕੁਨੈਕਸ਼ਨ ਜੋੜੇ ਤਾਂ ਉਨ੍ਹਾਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਲਈ ਪੁਲੀਸ ਨੂੰ ਚਿੱਠੀ ਲਿਖੀ ਜਾਵੇਗੀ। ਕੌਂਸਲਰ ਤਰਨਜੀਤ ਕੌਰ ਗਿੱਲ ਅਤੇ ਨੌਜਵਾਨ ਆਗੂ ਜਸਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਫੇਜ਼-5 ਦੇ ਸ਼ੋਅਰੂਮਾਂ ਦੇ ਪਿਛਲੇ ਪਾਸੇ ਕੁਝ ਬੂਥ ਮਾਲਕਾਂ ਨੇ ਨਾਜਾਇਜ਼ ਤੌਰ ’ਤੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਜੋੜੇ ਹੋਏ ਸਨ, ਜਿਸ ਕਾਰਨ ਗੰਦਾ ਪਾਣੀ ਓਵਰਫਲੋਅ ਹੋ ਕੇ ਸੜਕਾਂ ’ਤੇ ਜਮ੍ਹਾਂ ਹੋ ਰਿਹਾ ਸੀ ਜਿਸ ਕਾਰਨ ਪ੍ਰੇਸ਼ਾਨੀ ਹੋ ਰਹੀ ਸੀ।