ਨਸ਼ੀਲੇ ਟੀਕਿਆਂ ਸਣੇ ਪਤੀ-ਪਤਨੀ ਗ੍ਰਿਫ਼ਤਾਰ

03

December

2018

ਐਸਏਐਸ ਨਗਰ (ਮੁਹਾਲੀ), ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਜੋੜੇ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 1095 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ। ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਮੁਲਜ਼ਮ ਯਾਦਵਿੰਦਰ ਸਿੰਘ ਅਤੇ ਉਸ ਦੀ ਪਤਨੀ ਰਵਿੰਦਰ ਕੌਰ ਵਾਸੀ ਫਤਹਿਗੜ੍ਹ ਸਾਹਿਬ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਮੁਲਜ਼ਮ ਅੰਬਾਲਾ ਵਿੱਚ ਰਹਿ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਯਾਦਵਿੰਦਰ ਸਿੰਘ ਅਤੇ ਉਸ ਦੀ ਪਤਨੀ ਨਸ਼ੀਲੇ ਪਦਾਰਥ ਲੈ ਕੇ ਮੁਹਾਲੀ ਆ ਰਹੇ ਹਨ। ਸੂਚਨਾ ਮਿਲਣ ’ਤੇ ਥਾਣੇਦਾਰ ਸੁਖਵਿੰਦਰ ਸਿੰਘ ਅਤੇ ਏਐਸਆਈ ਮਨਜੀਤ ਸਿੰਘ ਨੇ ਵਾਈਪੀਐਸ ਚੌਕ ਨੇੜਿਓਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਯਾਦਵਿੰਦਰ ਸਿੰਘ ਸਹਾਰਨਪੁਰ (ਯੂਪੀ) ਤੋਂ ਨਸ਼ੀਲੇ ਟੀਕੇ ਲੈ ਕੇ ਆਉਂਦਾ ਸੀ ਅਤੇ ਚੰਡੀਗੜ੍ਹ, ਮੁਹਾਲੀ ਅਤੇ ਫਤਹਿਗੜ੍ਹ ਸਾਹਿਬ ਆਦਿ ਇਲਾਕਿਆਂ ਵਿੱਚ ਵੇਚਦਾ ਸੀ। ਯਾਦਵਿੰਦਰ ਸਿੰਘ ਦੇ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ-11 ਵਿੱਚ ਪਹਿਲਾਂ ਵੀ ਮੈਡੀਕਲ ਨਸ਼ਾ ਵੇਚਣ ਦੇ ਦੋਸ਼ ਵਿੱਚ ਕੇਸ ਦਰਜ ਹੈ। ਚੰਡੀਗੜ੍ਹ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਉਹ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਉਸ ਨੇ ਦੁਬਾਰਾ ਨਸ਼ੀਲੀਆਂ ਦਵਾਈਆਂ ਵੇਚਣ ਦਾ ਧੰਦਾ ਸ਼ੁਰੂ ਕਰ ਲਿਆ।