Arash Info Corporation

ਖੁਦਕੁਸ਼ੀਆਂ ਕਰ ਗਏ ਪਰਿਵਾਰਾਂ ਦੀ ਸਾਰ ਲੈਣ ਲਈ ਖੁਦਕੁਸ਼ੀ ਪੀੜਤ ਕਮੇਟੀ ਹੋਈ ਸਰਗਰਮ

12

March

2019

ਮਾਨਸਾ, ਖੁਦਕੁਸ਼ੀ ਪੀੜਤ ਪਰਿਵਾਰ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਦੀਆਂ ਸਮੱਸਿਆਵਾਂ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਪੀੜਤ ਪਰਿਵਾਰਾਂ ਨੂੰ ਇਕੱਠੇ ਕਰਕੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕਮੇਟੀ ਦਾ ਕਹਿਣਾ ਹੈ ਕਿ ਆਰਥਿਕ ਤੰਗੀਆਂ-ਤੁਰਸ਼ੀਆਂ ਕਾਰਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਅਤੇ ਹੋਰ ਗਰੀਬ ਪਰਿਵਾਰਾਂ ਨੂੰ 3 ਲੱਖ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਵਫਾ ਨਹੀਂ ਹੋ ਸਕੇ ਹਨ ਜਿਸ ਕਾਰਨ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਆਰੰਭਿਆ ਜਾਵੇਗਾ। ਇਥੇ ਦੁਖੀ ਪਰਿਵਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੁਦਕੁਸ਼ੀ ਪੀੜਤ ਪਰਿਵਾਰ ਕਮੇਟੀ ਦੀ ਕਨਵੀਨਰ ਕਿਰਨਜੀਤ ਕੌਰ ਝੁਨੀਰ ਨੇ ਕਿਹਾ ਕਿ ਖੇਤੀ ਵਿਚ ਪੈ ਰਹੇ ਲਗਾਤਾਰ ਘਾਟੇ ਕਾਰਨ ਇਸ ਫਾਨੀ ਦੁਨੀਆਂ ਨੂੰ ਛੱਡ ਗਏ ਕਿਸਾਨਾਂ ਅਤੇ ਮਜ਼ਦੂਰਾਂ ਸਮੇਤ ਹੋਰ ਗਰੀਬ ਲੋਕਾਂ ਦੇ ਪਰਿਵਾਰਾਂ ਦੀ, ਜਦੋਂ ਸਰਕਾਰ ਨੇ ਵਾਅਦਿਆਂ ਮੁਤਾਬਕ ਬਾਂਹ ਨਾ ਫੜੀ ਤਾਂ ਅੱਕੇ ਹੋਏ ਲੋਕਾਂ ਨੂੰ ਸੰਘਰਸ਼ ਦੇ ਮੈਦਾਨ ਵਿਚ ਉਤਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਮੁਤਾਬਕ ਮਰਨ ਵਾਲਿਆਂ ਲਈ ਵੀ ਖਰੀ ਨਹੀਂ ਉਤਰ ਸਕੀ ਅਤੇ ਅਜਿਹੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੇਣ ਲਈ ਕਈ ਗੁੰਝਲਦਾਰ ਨੀਤੀਆਂ ਨੂੰ ਲਿਆਂਦਾ ਗਿਆ, ਜਿਸ ਕਾਰਨ ਅਜਿਹੇ ਪੀੜਤ ਪਰਿਵਾਰ ਜਿਉਂਦੇ ਹੋਏ ਵੀ ਮਰਿਆਂ ਨਾਲੋਂ ਮਾੜੀ ਹਾਲਤ ਵਿਚ ਜ਼ਿੰਦਗੀ ਬਤੀਤ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਹੁਣ ਕਮੇਟੀ ਨੇ ਖੁਦਕੁਸ਼ੀ ਪੀੜਤ ਪਰਿਵਾਰਾਂ ਵੱਲੋਂ ਕੱਚੇ ਮਕਾਨਾਂ ਸਬੰਧੀ ਸਹਾਇਤਾ ਲੈਣ, ਖੁਦਕੁਸ਼ੀ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸੂਚੀ ਤਿਆਰ ਕਰਨ ਵਾਸਤੇ ਵਰਕਰਾਂ ਦੀ ਵਿਸ਼ੇਸ਼ ਡਿਊਟੀ ਲਾਈ ਹੈ, ਜੋ ਪਿੰਡਾਂ ਵਿਚ ਜਾ ਕੇ ਪੀੜਤ ਪਰਿਵਾਰਾਂ ਨੂੰ ਮਿਲੇਗੀ।