ਪੂਰੀ ਤਰ੍ਹਾਂ ਪੱਕ ਚੁੱਕੀ ਸੁੱਕੀ ਕਣਕ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ : ਮਨਪ੍ਰੀਤ ਸਿੰਘ ਛੱਤਵਾਲ

16

April

2019

ਫ਼ਾਜ਼ਿਲਕਾ, 16 ਅਪ੍ਰੈਲ: ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਕਿਸਾਨਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕੀ ਜਿਣਸ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਉਨ੍ਹਾਂ ਦੀ ਫ਼ਸਲ ਨਾਲੋ-ਨਾਲ ਵੇਚੀ ਜਾ ਸਕੇ। ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ਼ਾਮ 7 ਤੋਂ ਸੇਵਰੇ 8 ਵਜੇ ਦਰਮਿਆਨ ਕੰਬਾਈਨਾਂ ਨਾਲ ਕਣਕ ਨਾ ਵੱਢੀ ਜਾਵੇ ਕਿਉਂ ਜੋ ਇਸ ਸਮੇਂ ਦੌਰਾਨ ਕਣਕ ਦੀ ਕਟਾਈ ਨਾਲ ਫ਼ਸਲ ਵਿੱਚ ਨਮੀ ਦੀ ਮਾਤਰਾ ਮਿੱਥੇ ਮਾਪਦੰਡਾਂ ਤੋਂ ਬਹੁਤ ਵੱਧ ਜਾਂਦੀ ਹੈ ਅਤੇ ਵੱਧ ਨਮੀ ਵਾਲੀ ਫ਼ਸਲ ਨੂੰ ਮੰਡੀਆਂ ਵਿੱਚ ਵੇਚਣ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਔਖ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਸ. ਛੱਤਵਾਲ ਨੇ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਮੰਡੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਅਤੇ ਸਮੁੱਚੀਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ, ਅਦਾਇਗੀ ਅਤੇ ਚੁਕਾਈ ਤੋਂ ਇਲਾਵਾ ਮੰਡੀਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਉਪਲਬਧ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।